ਕਪੂਰਥਲਾ, 2 ਜੂਨ (ਵਿ.ਪ੍ਰ.)-ਭਾਰਤੀ ਕਿਸਾਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਅਗਵਾਈ 'ਚ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਡੇਰਾ ਬਿਆਸ ਵਲੋਂ ਦਰਿਆ ਬਿਆਸ ਦਾ ਰੁੱਖ ਬਦਲਣ ਲਈ ਕੀਤੇ ਜਾ ਰਹੇ ਕਾਰਜਾਂ 'ਤੇ ਰੋਕ ਲਗਾਈ ਜਾਵੇ | ਮੰਗ ਪੱਤਰ ਵਿਚ ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਮਾਮਲਾ ਨਹਿਰੀ ਵਿਭਾਗ ਦੇ ਧਿਆਨ 'ਚ ਹੋਣ ਦੇ ਬਾਵਜੂਦ ਵੀ ਦਰਿਆ ਦਾ ਰੁੱਖ ਬਦਲਣ ਦਾ ਕੰਮ ਨਿਰੰਤਰ ਜਾਰੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਚਾਰਾਜੋਈ ਕਰ ਰਹੇ ਹਨ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਤੁਰੰਤ ਕਾਰਵਾਈ ਅਮਲ ਵਿਚ ਲਿਆਵੇ ਤਾਂ ਜੋ ਦਰਿਆ ਦਾ ਰੁੱਖ ਬਦਲਣ ਨਾਲ ਇਲਾਕੇ ਦੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਠੋਸ ਕਾਰਵਾਈ ਅਮਲ ਵਿਚ ਨਾ ਲਿਆਂਦੀ ਤਾਂ ਕਿਸਾਨ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਤਨਾਮ ਸਿੰਘ, ਸੁਖਪ੍ਰੀਤ ਸਿੰਘ, ਰਾਜਨ ਖ਼ਾਨ, ਹਰਜੀਤ ਸਿੰਘ, ਧਿਆਨ ਸਿੰਘ, ਹਰਦੇਵ ਸਿੰਘ, ਜਸਵੰਤ ਸਿੰਘ, ਜਤਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |