ਕਪੂਰਥਲਾ, 3 ਜੂਨ (ਵਿ.ਪ੍ਰ.)-ਜ਼ਿਲ੍ਹੇ 'ਚ 0 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਦਾ ਪੁਨਰ ਗਠਨ ਕੀਤਾ ਜਾਣਾ ਹੈ | ਇਸ ਲਈ ਯੋਗ ਬਿਨੈਕਾਰ 17 ਜੂਨ ਤੱਕ ਇਸ ਬੋਰਡ ਦੇ ਮੈਂਬਰ ਬਣਨ ਲਈ ਵਿਭਾਗ ਦੀ ਵੈੱਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਬਾਲ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ 3 ਸਾਲ ਦਾ ਹੁੰਦਾ ਹੈ ਤੇ ਜ਼ਿਲ੍ਹੇ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ | ਇਸ ਲਈ ਬੋਰਡ ਦੇ 2 ਨਵੇਂ ਯੋਗ ਮੈਂਬਰਾਂ ਤੇ ਬਾਲ ਭਲਾਈ ਕਮੇਟੀ ਦੀ ਇਕ ਚੇਅਰਪਰਸਨ ਤੇ 4 ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਬਾਲ ਭਲਾਈ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੇ ਗਏ ਨਿਯਮਾਂ ਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਨਿਯਮ ਤੇ ਸ਼ਰਤਾਂ ਪੂਰੀਆਂ ਕਰਦੇ ਹੋਣ, ਉਹ ਸਬੰਧਿਤ ਵਿਭਾਗ ਦੇ ਦਫ਼ਤਰ ਵਿਚ ਰਜਿਸਟਰਡ ਜਾਂ ਡਾਕ ਰਾਹੀਂ ਬਿਨੈ ਪੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਫ਼ਤਰ ਵਿਚ ਭੇਜ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ |