ਸੁਭਾਨਪੁਰ, 3 ਜੂਨ (ਸਤਨਾਮ ਸਿੰਘ)-ਐਸ.ਐਸ. ਪੀ. ਗੋਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਐਸ.ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਡੋਗਰਾਂਵਾਲ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਇੱਕ ਵਿਅਕਤੀ ਪਿੰਡ ਦੀ ਤਰਫੋ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੇ ਆਪਣੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਡੋਗਰਾਂਵਾਲ ਥਾਣਾ ਸੁਭਾਨਪੁਰ ਦੱਸੀ | ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |