ਸੁਲਤਾਨਪੁਰ ਲੋਧੀ, 4 ਜੂਨ (ਥਿੰਦ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਭੈੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਏ ਐਸ ਆਈ ਹਰੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਮੌਜੂਦ ਸਨ ਤਾਂ ਇੱਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਲਵਿੰਦਰ ਸਿੰਘ ਵਾਸੀ ਧੱਕਾ ਬਸਤੀ ਮੱਖੂ ਜੋ ਕਿ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ | ਇਸ ਵਕਤ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ ਲੈ ਕੇ ਉਹ ਸ਼ਹਿਰ ਅੰਦਰ ਗਾਹਕ ਦੀ ਉਡੀਕ ਵਿਚ ਹੈ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਮੇਤ ਮੋਟਰਸਾਈਕਲ ਦੇ ਕਾਬੂ ਕਰ ਲਿਆ | ਪੁਲਿਸ ਵਲੋਂ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |