25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਫ਼ੌਜ ਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਨੇ 240 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ-ਹਰਦੀਪ ਸਿੰਘ ਮੁੰਡੀਆਂ ਜ਼ਿਲ੍ਹੇ ਵਿਚ 28 ਹਜ਼ਾਰ ਏਕੜ ਫ਼ਸਲ ਹੋਈ ਪ੍ਰਭਾਵਿਤ, ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ

Ad Position 21
No active advertisement
ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਵੀਡਿਓ ਕਾਨਫ਼ਰੰਸ ਰਾਹੀਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ | ਤਸਵੀਰ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਵਨੀਤ ਕੌਰ ਬੱਲ | ਸੱਜੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮਾਲ ਮੰਤਰੀ ਪੰਜਾਬ | ਤਸਵੀਰ. ਤਿਲਕਰਾਜ <br/> 30-08-2025
ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਦੀਆਂ ਸਬ ਡਵੀਜ਼ਨਾਂ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਵਿਚ ਲਗਭਗ ਦਰਿਆ ਬਿਆਸ ਵਿਚ ਆਏ ਹੜ੍ਹ ਨਾਲ 28 ਹਜ਼ਾਰ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਿਸ ਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਹਰਦੀਪ ਸਿੰਘ ਮੁੰਡੀਆਂ ਮਾਲ ਮੰਤਰੀ ਮੁੜ ਵਸੇਬਾ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਡੀਓ ਕਾਨਫ਼ਰੰਸ ਜ਼ਰੀਏ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦੇਣ ਮੌਕੇ ਕਹੀ | ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਨੂੰ ਮੁੱਖ ਰੱਖਦਿਆਂ ਪ੍ਰਭਾਵਿਤ ਖੇਤਰਾਂ ਵਿਚੋਂ ਐੱਸ. ਡੀ. ਆਰ. ਐੱਫ. ਤੇ ਫ਼ੌਜ ਦੀ ਸਹਾਇਤਾ ਨਾਲ 240 ਪਰਿਵਾਰਾਂ ਨੂੰ ਉਨ੍ਹਾਂ ਦੇ ਜ਼ਰੂਰੀ ਸਮਾਨ ਸਮੇਤ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਮਾਲ ਮੰਤਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਸੁਲਤਾਨਪੁਰ ਲੋਧੀ ਤੇ ਢਿਲਵਾਂ ਵਿਚ ਰਾਹਤ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਲੱਖ ਵਰਿ੍ਹਆਂਹ, ਆਹਲੀ ਕਲਾਂ, ਤਲਵੰਡੀ ਕੂਕਾਂ ਤੇ ਫ਼ਜ਼ਲਾਬਾਦ ਵਿਖੇ ਰਾਹਤ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਵਿਚ 110 ਦੇ ਕਰੀਬ ਲੋਕ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਰਾਹਤ ਕੇਂਦਰ ਵਿਚ ਰਾਸ਼ਨ, ਦਵਾਈਆਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ | ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਐੱਸ.ਡੀ.ਆਰ.ਐੱਫ. ਦੀਆਂ ਦੋ ਟੀਮਾਂ ਤੇ ਫ਼ੌਜ ਦੀਆਂ ਟੀਮਾਂ ਜਿਸ ਵਿਚ 40 ਜਵਾਨ ਤਾਇਨਾਤ ਹਨ, 15 ਕਿਸ਼ਤੀਆਂ ਰਾਹੀਂ ਮੰਡ ਖੇਤਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ | ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹੁਣ ਤੱਕ 1250 ਰਾਸ਼ਨ ਦੇ ਪੈਕੇਟ ਤਕਸੀਮ ਕੀਤੇ ਗਏ ਹਨ ਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਸੰਭਾਲ ਲਈ 8 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਪਸ਼ੂ ਧੰਨ ਦੀ ਸੰਭਾਲ ਲਈ ਵੈਟਰਨਰੀ ਡਾਕਟਰਾਂ ਦੀਆਂ 6 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਟੀਮਾਂ ਵਲੋਂ 100 ਤੋਂ ਵੱਧ ਪਸ਼ੂਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਵੀਡੀਓ ਕਾਨਫ਼ਰੰਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ.ਐੱਸ.ਪੀ. ਗੌਰਵ ਤੂਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ਤੇ ਬਾਅਦ ਵਿਚ ਮਾਲ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ | ਇੱਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵਲੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਇੰਚਾਰਜ ਲਗਾਇਆ ਗਿਆ ਹੈ ਤੇ ਉਨ੍ਹਾਂ ਅੱਜ ਤੀਜੇ ਦਿਨ ਵੀਡਿਓ ਕਾਨਫ਼ਰੰਸ ਜ਼ਰੀਏ ਮੁੱਖ ਮੰਤਰੀ ਨੂੰ ਜ਼ਿਲ੍ਹੇ ਦੇ ਸਮੁੱਚੇ ਹਾਲਾਤ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਸੰਬੰਧੀ ਕੀਤਾ ਸਰਵੇ ਅਗਲੀ ਖ਼ਬਰ ਦਰਿਆਵਾਂ ਦੀਆਂ ਕਮਜ਼ੋਰ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਆਉਣ ਵਾਲੇ ਸਮੇਂ 'ਚ ਬੰਨ੍ਹ ਮਜ਼ਬੂਤ ਕੀਤੇ ਜਾਣ-ਬਲਵਿੰਦਰ ਸਿੰਘ ਭੁ...
Ad Position 24