ਢਿਲਵਾਂ, 1 ਸਤੰਬਰ (ਪ੍ਰਵੀਨ ਕੁਮਾਰ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿਲਵਾਂ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਜ਼ਮੀਨੀ ਪੱਧਰ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਸਿਹਤ ਸੇਵਾਵਾਂ ਤੇ ਸਹੂਲਤਾਂ ਦੇਣ ਲਈ ਵਚਨਬੱਧ ਹੈ, ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਤੌਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ, ਬੀ.ਈ.ਈ ਮੋਨਿਕਾ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਰੋਜ਼ਾਨਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਮੈਡੀਕਲ ਟੀਮਾਂ ਵਲੋਂ ਓ.ਆਰ.ਐਸ, ਕਲੋਰੀਨ ਦੀ ਗੋਲੀਆਂ, ਚਮੜੀ ਰੋਗ, ਡਾਇਰੀਆਂ, ਬੁਖ਼ਾਰ ਆਦਿ ਬਿਮਾਰੀਆਂ ਸਬੰਧੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਟੀਮਾਂ ਨੂੰ ਦਵਾਈਆਂ ਦਾ ਸਟਾਕ ਸਮੇਂ ਸਿਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਜੇਕਰ ਸਿਹਤ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਲੋਕ ਜਾਂ ਪੀੜਤ ਮਰੀਜ਼ ਮੰਡ ਬੁਤਾਲਾ ਵਿਖੇ ਤਾਇਨਾਤ ਮੈਡੀਕਲ ਟੀਮ ਨਾਲ ਸੰਪਰਕ ਕਰ ਸਕਦੇ ਹਨ | ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਅਜੇ ਵੀ ਘਰਾਂ ਵਿਚ ਰਹਿ ਰਹੇ ਹਨ ਤਾਂ ਉਹ ਘਰਾਂ ਤੋਂ ਬਾਹਰ ਬੰਨ੍ਹ ਦੇ ਸੁਰੱਖਿਅਤ ਪਾਸੇ ਆ ਜਾਣ | ਇਸ ਮੌਕੇ ਮੋਨਿਕਾ ਬੀ.ਈ.ਈ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੌਸਮੀ ਬਿਮਾਰੀਆਂ ਡੇਂਗੂ, ਮਲੇਰੀਆ ਤੇ ਡਾਇਰੀਆਂ ਆਦਿ ਹੋਰ ਬਿਮਾਰੀਆਂ ਦੇ ਲੱਛਣ, ਰੋਕਥਾਮ ਤੇ ਯੋਗ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਸੰਜੀਵ ਕੁਮਾਰ ਆਦਿ ਸਟਾਫ਼ ਹਾਜ਼ਰ ਸੀ |