ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਪੰਜਾਬ ਵਿਚ ਆਏ ਹੜ੍ਹਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਡੈਮਾਂ ਵਿਚੋਂ ਪਾਣੀ ਨਹੀਂ ਛੱਡਿਆ ਤੇ ਉਤੋਂ ਆਈ ਜ਼ੋਰਦਾਰ ਬਾਰਿਸ਼ ਕਾਰਨ ਦਰਿਆ ਵਿਚ ਪਾਣੀ ਭਰਨ ਨਾਲ ਪੰਜਾਬ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਰਾਜ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ | ਗਿਆਨੀ ਭਗਤ ਸਿੰਘ ਭੁੰਗਰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨ ਵਿਚ ਅਸਲ ਸਾਬਿਤ ਹੋਈ ਹੈ | ਉਨ੍ਹਾਂ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ, ਮਜ਼ਦੂਰਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਇਸ ਔਖੀ ਘੜੀ ਪੰਜਾਬ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਤੋਂ ਇਲਾਵਾ ਹੋਰ ਭਾਈਚਾਰੇ ਦੇ ਲੋਕਾਂ ਤੇ ਦਾਨੀ ਸ਼ਖਸੀਅਤਾਂ ਵਲੋਂ ਹੜ੍ਹ ਪ੍ਹਭਾਵਿਤ ਲੋਕਾਂ ਦੀ ਸਹਾਇਤਾ ਕੀਤੇ ਜਾਣ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ |