ਸੁਲਤਾਨਪੁਰ ਲੋਧੀ ਵਿਖੇ ਰਾਹਤ ਕਾਰਜਾਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ, 3 ਸਤੰਬਰ (ਨਰੇਸ਼ ਹੈਪੀ)-ਕਪੂਰਥਲਾ ਜ਼ਿਲੇ੍ਹ ਦੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਬਚਾਅ ਅਤੇ ਰਾਹਤ ਕਾਰਜਾਂ ਦੇ ਕੰਮ ਵਿਚ ਸਾਥ ਦੇਣ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਉੱਚ ਤਾਕਤੀ ਕਮੇਟੀ ਜਿਸ ਦੇ ਮੈਂਬਰ ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲ ਕਿਸ਼ੋਰ ਯਾਦਵ, ਵਰੁਣ ਰੂਜ਼ਮ ਨੇ ਅੱਜ ਸੁਲਤਾਨਪੁਰ ਲੋਧੀ ਪਹੁੰਚ ਕੇ ਰਾਹਤ ਕੰਮਾਂ ਵਿਚ ਲੱਗੀਆਂ ਟੀਮਾਂ ਨਾਲ ਵਿਸਥਾਰਤ ਮੀਟਿੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐਸ.ਐਸ.ਪੀ. ਗੌਰਵ ਤੂਰਾ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ | ਕਮਲ ਕਿਸ਼ੋਰ ਯਾਦਵ ਨੇ ਅਧਿਕਾਰੀਆਂ ਨੂੰ ਕਿਹਾ ਕਿ ਰਾਹਤ ਕਾਰਜਾਂ ਨੂੰ ਜੰਗੀ ਪੱਧਰ ਉੱਪਰ ਚਲਾਇਆ ਜਾਵੇ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੰਗ ਉੱਪਰ ਕਪੂਰਥਲਾ ਜ਼ਿਲ੍ਹੇ ਵਿਚ ਐਸ.ਡੀ.ਆਰ.ਐਫ. ਦੇ ਹੈੱਡ ਕੁਆਰਟਰ ਨੂੰ ਦੋ ਹੋਰ ਕਿਸ਼ਤੀਆਂ ਦੇਣ ਦੇ ਹੁਕਮ ਦਿੱਤੇ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਤੁਹਾਡੇ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹੇ ਵਿਚ ਮਨੁੱਖੀ ਜਾਨਾਂ ਦਾ ਬਚਾਅ ਹੋਇਆ ਹੈ | ਯਾਦਵ ਨੇ ਕਿਹਾ ਕਿ ਹੁਣ ਅਸੀਂ ਬਚਾਅ ਕਾਰਜਾਂ ਤੋਂ ਬਾਅਦ ਰਾਹਤ ਦੇ ਨਾਲ ਨਾਲ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰਨਾ ਹੈ, ਇਸ ਲਈ ਸਾਰੇ ਵਿਭਾਗ ਆਪਣੇ ਆਪਣੇ ਕੰਮ ਜਿਨ੍ਹਾਂ ਵਿਚ ਸੜਕਾਂ, ਪੁਲਾਂ ਦੀ ਮੁਰੰਮਤ, ਬਿਜਲੀ ਸਪਲਾਈ ਦੀ ਬਹਾਲੀ, ਪੀਣ ਵਾਲੇ ਪਾਣੀ ਦੀ ਸਪਲਾਈ, ਡਾਕਟਰੀ ਸਹਾਇਤਾ ਆਦਿ ਸ਼ਾਮਿਲ ਹਨ, ਲਈ ਕੰਮ ਕਰਨਾ ਸ਼ੁਰੂ ਕਰਨ |
ਇਸ ਮੌਕੇ ਖੇਤੀਬਾੜੀ ਵਿਭਾਗ ਨੂੰ ਆਉਣ ਵਾਲੇ ਸੀਜ਼ਨ ਦੀ ਤਿਆਰੀ ਲਈ ਕੰਮ ਕਰਨ ਤੇ ਪਸ਼ੂਆਂ ਦੇ ਚਾਰੇ ਲਈ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ | ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਟੀਮਾਂ ਲਗਾਤਾਰ ਯਤਨਸ਼ੀਲ ਹਨ | ਇਸ ਤੋਂ ਇਲਾਵਾ 6 ਟੀਮਾਂ ਵੈਟਰਨਰੀ ਵਿਭਾਗ ਦੀਆਂ ਬਣਾਈਆਂ ਹਨ |
ਲੋਕਾਂ ਦੇ ਮੁੜ ਵਸੇਬੇ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਹੁਕਮ- ਯਾਦਵ, ਵਰੁਣ ਰੂਜਮ
ਅਜੀਤ ਡੈਸਕ
04-09-2025