ਕਪੂਰਥਲਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਫੈਡਰੇਸ਼ਨ ਦੇ ਇਕ ਵਫ਼ਦ ਨੇ ਅੱਜ ਫੈਡਰੇਸ਼ਨ ਦੇ ਆਗੂ ਤੇਜਿੰਦਰ ਸਿੰਘ, ਜੈਮਲ ਸਿੰਘ, ਸੁਖਪਾਲ ਸਿੰਘ, ਪਵਨ ਕੁਮਾਰ ਤੇ ਅਵਤਾਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਅਨਿਲ ਕਾਲਾ ਨੂੰ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਸਾਰ ਲਵੇ | ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਰੋਕਣ ਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿਚ ਅਸਫ਼ਲ ਰਹੀ ਹੈ ਤੇ ਕੇਂਦਰ ਸਰਕਾਰ ਵਲੋਂ ਵੀ ਇਸ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ ਕੋਈ ਵੀ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਪੂਰਥਲਾ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿਚ ਹੜ੍ਹ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਸਕੇ |