ਕਪੂਰਥਲਾ, (ਅਮਰਜੀਤ ਸਿੰਘ ਸਡਾਨਾ)-ਪਿੰਡ ਬਾਘੂਵਾਲ ਦੇ ਦੌਰੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਿੰਡ ਦੇ ਕਿਸਾਨ ਜੋਗਿੰਦਰ ਸਿੰਘ ਦੇ ਘਰ ਵੀ ਗਏ, ਜਿੱਥੇ ਉਨ੍ਹਾਂ ਨੇ ਪਰਿਵਾਰ ਤੇ ਪਾਰਟੀ ਵਰਕਰਾਂ ਦੇ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਤੇ ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਚੜ੍ਹਦੀ ਕਲਾ ਵਿਚ ਰਹੇ ਹਨ ਤੇ ਮੈਂ ਸਾਰੇ ਦਿਨ ਦੇ ਦੌਰੇ ਦੌਰਾਨ ਇਹ ਮਹਿਸੂਸ ਕੀਤਾ ਹੈ ਕਿ ਭਾਵੇਂ ਸੂਬੇ ਦੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ, ਪਰ ਉਹ ਹੁਣ ਵੀ ਚੜ੍ਹਦੀ ਕਲਾ ਵਿਚ ਹਨ ਤੇ ਆਪਣੇ ਲੋਕਾਂ ਦੀ ਖ਼ੁਦ ਅੱਗੇ ਵੱਧ ਕੇ ਮਦਦ ਕਰ ਰਹੇ ਹਨ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਖ਼ੁਦ ਵੀ ਸਰਕਾਰ ਵਿਚ ਰਹੇ ਹਨ ਤੇ ਉਨ੍ਹਾਂ ਦੇ ਪਿਤਾ ਵੀ ਸਰਕਾਰਾਂ ਦਾ ਹਿੱਸਾ ਰਹੇ ਹਨ, ਪਰ ਉਨ੍ਹਾਂ ਨੇ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਪਹਿਲੇ ਕੇਂਦਰੀ ਖੇਤੀਬਾੜੀ ਮੰਤਰੀ ਦੇਖੇ ਹਨ, ਜੋ ਕਿ ਖ਼ੁਦ ਚੱਪਲਾਂ ਪਾ ਕੇ ਪਾਣੀ ਵਿਚ ਉੱਤਰ ਕੇ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦੇਖ ਰਹੇ ਹਨ ਤੇ ਉਨ੍ਹਾਂ ਦੇ ਦੁੱਖ ਨੂੰ ਮਹਿਸੂਸ ਕਰਕੇ ਇਸ ਦੇ ਹੱਲ ਦਾ ਯਤਨ ਕਰ ਰਹੇ ਹਨ |