ਸੁਲਤਾਨਪੁਰ ਲੋਧੀ, 4 ਸਤੰਬਰ (ਥਿੰਦ)-ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਮੰਡ ਖੇਤਰ ਵਿਚ ਹੜ੍ਹਾਂ ਦੌਰਾਨ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਲਈ ਇਹ ਰਾਹਤ ਵਾਲੀ ਗੱਲ ਹੈ ਕਿ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਘਟਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਰਾਹਤ ਤੇ ਬਚਾਅ ਕਾਰਜ ਜਾਰੀ ਹਨ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਮੇਂ ਦਰਿਆ ਵਿਚ 1 ਲੱਖ 60 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਹੈ, ਜੋ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਹੈ | ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜਤ ਲੋਕਾਂ ਤੱਕ ਹਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ ਅਤੇ ਹੜ੍ਹ ਕੰਟਰੋਲ ਰੂਮ ਲਗਾਤਾਰ ਦਿਨ ਰਾਤ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਇਹਨਾਂ ਨੰਬਰਾਂ 'ਤੇ ਕਾਲ ਕਰ ਸਕਦਾ ਹੈ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੰੂ ਤੁਰੰਤ ਰਾਹਤ ਪਹੁੰਚਾਈ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਰਾਹਤ ਕੈਂਪਾਂ ਵਿਚ ਲੋਕਾਂ ਦੇ ਰਹਿਣ-ਸਹਿਣ, ਖਾਣੇ, ਪੀਣ ਵਾਲੇ ਪਾਣੀ ਤੇ ਪਸ਼ੂਆਂ ਲਈ ਚਾਰੇ ਆਦਿ ਦੇ ਪੁਖ਼ਤਾ ਇੰਤਜ਼ਾਮਾਂ ਨੂੰ ਯਕੀਨੀ ਬਣਾਇਆ ਗਿਆ ਹੈ |