ਸੁਭਾਨਪੁਰ, 5 ਸਤੰਬਰ (ਸਤਨਾਮ ਸਿੰਘ)-ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ. ਆਈ. ਸੁਖਚੈਨ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਡੋਗਰਾਂਵਾਲ, ਹਮੀਰਾ ਤੇ ਦਿਆਲਪੁਰ ਪਿੰਡਾਂ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਹਮੀਰਾ ਦੇ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਪਿਆ ਤੇ ਆਪਣੇ ਕੁੜਤੇ ਦੀ ਜੇਬ ਵਿਚੋਂ ਇਕ ਲਿਫ਼ਾਫ਼ਾ ਕੱਢ ਕੇ ਸੁੱਟ ਦਿੱਤਾ | ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਂ ਤੇ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਬੰਟੀ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |