ਭੰਡਾਲ ਬੇਟ, 5 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਨਰਾਇਣ ਦਾਸ ਤੇ ਸੰਤ ਬਾਬਾ ਗੁਰਦੀਪ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਐਨ.ਆਰ.ਆਈ. ਵੀਰਾਂ ਨਗਰ ਨਿਵਾਸੀ ਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ 5 ਰੋਜ਼ਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਨਰਾਇਣਸਰ ਸਾਹਿਬ ਜਾਤੀਕੇ, ਸੰਗੋਜਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸ਼ਮਸ਼ੇਰ ਸਿੰਘ ਨਾਰਾਇਣਸਰ ਵਾਲਿਆਂ ਦੀ ਯੋਗ ਅਗਵਾਈ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ 58 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਨੇ ਰਸਭਿੰਨਾ ਕੀਰਤਨ ਕੀਤਾ ਉਪਰੰਤ ਕਥਾ ਵਾਚਕ ਭਾਈ ਲਵਪ੍ਰੀਤ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਪੰਥ ਪ੍ਰਸਿੱਧ ਕਵੀਸ਼ਰ ਭਾਈ ਕੇਵਲ ਸਿੰਘ ਮਹਿਤਾ, ਪੰਥ ਪ੍ਰਸਿੱਧ ਢਾਡੀ ਭਾਈ ਸਰੂਪ ਸਿੰਘ ਕਡਿਆਣਾ, ਕਵੀਸ਼ਰ ਭਾਈ ਭਗਵੰਤ ਸਿੰਘ ਸੁਰਵਿੰਡ ਆਦਿ ਦੇ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਅੰਤ ਵਿਚ ਬਾਬਾ ਅਮਰਜੀਤ ਸਿੰਘ ਗ਼ਾਲਿਬ ਵਾਲਿਆਂ ਨੇ ਹਾਜ਼ਰ ਸੰਗਤਾਂ ਨੂੰ ਕਥਾ ਕੀਰਤਨ ਰਹੀ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਪ੍ਰੋ. ਸਰਦੂਲ ਸਿੰਘ ਔਜਲਾ ਤੇ ਕੈਪਟਨ ਗੁਰਦੀਪ ਸਿੰਘ ਔਜਲਾ ਨੇ ਨਿਭਾਈ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਮਹੰਤ ਮਹਾਤਮਾਂ ਮੁਨੀ ਖੈੜਾ ਬੇਟ, ਬਾਬਾ ਗੁਰਦਿਆਲ ਸਿੰਘ ਮਨਸੂਰਵਾਲ, ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਦਿ ਨੇ ਹਾਜ਼ਰੀ ਭਰੀ | ਇਸ ਮੌਕੇ ਅੰਮਿ੍ਤ ਸੰਚਾਰ ਦੌਰਾਨ ਅੰਮਿ੍ਤ ਅਭਿਲਾਖੀਆ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਇਆ ਗਿਆ | ਇਸ ਮੌਕੇ ਸੰਤ ਬਾਬਾ ਸ਼ਮਸ਼ੇਰ ਸਿੰਘ ਨੇ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |