ਕਪੂਰਥਲਾ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਪਰਾਲੀ ਨਾ ਸਾੜਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਤਿਆਰ ਕੀਤੀਆਂ ਗਈਆਂ ਜਾਗਰੂਕਤਾ ਵੈਨਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਹਰੀ ਝੰਡੀ ਦੇ ਕੇ ਜ਼ਿਲ੍ਹੇ ਦੇ ਪਿੰਡਾਂ ਲਈ ਰਵਾਨਾ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉੱਥੇ ਧੰੂਏਾ ਕਾਰਨ ਕਈ ਵਾਰ ਸੜਕਾਂ 'ਤੇ ਹਾਦਸੇ ਵਾਪਰਦੇ ਹਨ ਤੇ ਅੱਗ ਲਗਾਉਣ ਨਾਲ ਜ਼ਮੀਨ ਦੀ ਉੱਪਰਲੀ ਸੱਤਾ ਨੂੰ ਸੇਕ ਲੱਗਣ ਨਾਲ ਮਿੱਟੀ ਦੀ ਉਪਜਾਓ ਸ਼ਕਤੀ ਪ੍ਰਭਾਵਿਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਸੁਰੱਖਿਅਤ ਨਹੀਂ ਰਹਿੰਦੇ, ਜੇ ਕਿਸਾਨ ਲਗਾਤਾਰ 3-4 ਸਾਲ ਅੱਗ ਨਾ ਲਗਾਉਣ ਤਾਂ ਖਾਦਾਂ ਦੀ ਵਰਤੋਂ ਕਾਫ਼ੀ ਘੱਟ ਜਾਂਦੀ ਹੈ ਤੇ ਖੇਤਾਂ ਵਿਚ ਪਾਣੀ ਖੜ੍ਹਾ ਹੋਣ ਨਾਲ ਫ਼ਸਲ ਦੇ ਝਾੜ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੀ ਸੁਚਾਰੂ ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਨ ਜੋ ਖੇਤੀਬਾੜੀ ਵਿਭਾਗ ਤੋਂ ਸਬਸਿਡੀ 'ਤੇ ਲਈਆਂ ਜਾ ਸਕਦੀਆਂ ਹਨ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਐਚ.ਐਸ. ਭਰੋਤ, ਡਾ. ਜਸਪਾਲ ਸਿੰਘ, ਪਰਮਿੰਦਰ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ |