ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ)-4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਪੰਜਾਬ , ਸੁਲਤਾਨਪੁਰ ਲੋਧੀ (ਕਪੂਰਥਲਾ) ਵੱਲੋਂ ਸੂਬਾ ਆਗੂ ਅਲਕਾ ਰਾਣੀ, ਚੰਨਾ ਸ਼ੇਰਗੜ੍ਹ ਦੀ ਅਗਵਾਈ ਵਿਚ ਸਥਾਨਕ ਪੁੱਡਾ ਕਲੋਨੀ ਪਾਰਕ ਵਿਖੇ ਬਦਲੀਆਂ ਦੇ ਸਪੈਸ਼ਲ ਮੌਕੇ ਦੀ ਮੰਗ ਅਤੇ ਪੰਜਾਬ ਪੇਅ ਸਕੇਲ ਬਹਾਲੀ ਦੀ ਮੰਗ ਨੂੰ ਲੈ ਕੇ 28 ਸਤੰਬਰ ਨੂੰ ਦਿੜ੍ਹਬਾ 'ਚ ਹੋਣ ਵਾਲੇ ਰੋਸ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਚੱਲ ਰਹੀਆਂ ਬਦਲੀਆਂ ਵਿਚ 4161 ਨੂੰ ਸਪੈਸ਼ਲ ਮੌਕਾ ਦੇਣ ਸਬੰਧੀ ਅਤੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫ਼ਰੰਟ ਵੱਲੋਂ 28 ਸਤੰਬਰ ਧਰਨੇ ਦੀ ਯੋਜਨਾ ਸਬੰਧੀ ਵਿਆਪਕ ਰੂਪ ਵਿਚ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ ਨੇ ਕਿਹਾ ਕਿ 4161 ਅਧਿਆਪਕ ਆਪਣੇ ਘਰਾਂ ਤਾੋ 200 -250 ਕਿੱਲੋਮੀਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਮਹਿਲਾ ਅਧਿਆਪਕਾਵਾਂ ਹਨ | ਜਿਸ ਕਾਰਨ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਇਹ ਵਾਅਦਾ ਕੀਤਾ ਸੀ ਕਿ ਕਿਸੇ ਵੀ ਅਧਿਆਪਕ ਨੂੰ ਆਪਣੇ ਘਰ ਤੋਂ ਦੂਰ ਨਹੀਂ ਭੇਜਿਆ ਜਾਵੇਗਾ | ਜਦ ਕਿ ਪਿਛਲੇ ਸਮਿਆਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਮੀਟਿੰਗ ਵਿਚ ਇਹ ਵਾਅਦਾ ਕੀਤਾ ਸੀ ਕਿ ਆਗਾਮੀ ਬਦਲੀਆਂ ਵਿਚ 4161 ਅਧਿਆਪਕਾਂ ਨੂੰ ਬਦਲੀਆਂ ਵਿਚ ਵਿਸ਼ੇਸ਼ ਮੌਕਾ ਦਿੱਤਾ ਜਾਵੇਗਾ | ਪਰ ਇਹ ਵਾਅਦਾ ਵਫ਼ਾ ਹੁੰਦਾ ਨਹੀਂ ਜਾਪ ਰਿਹਾ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕਾ ਨਹੀਂ ਦਿੱਤਾ ਗਿਆ ਅਤੇ ਪੇਅ ਸਕੇਲ ਬਹਾਲੀ ਦਾ ਮਸਲਾ ਹੱਲ ਨਾਂ ਕੀਤਾ ਗਿਆ ਤਾਂ ਉਹ ਜਲਦੀ ਹੀ ਵੱਡੀ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਮੈਂਬਰ ਵਜਿੰਦਰ ਕੁਮਾਰ, ਰਾਮ ਜੀ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਪੇਅ ਸਕੇਲ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ | ਜਦ ਕਿ ਸਰਕਾਰ ਸੁਪਰੀਮ ਕੋਰਟ ਤੱਕ ਵੀ ਕੇਸ ਹਾਰ ਚੁੱਕੀ ਹੈ | ਮੀਟਿੰਗ ਵਿਚ ਇੱਕਜੁੱਟ ਹੋ ਕੇ ਸਮੂਹ ਅਧਿਆਪਕਾਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ 28 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ | ਮੀਟਿੰਗ ਦੌਰਾਨ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਵੱਲੋਂ ਕੁਲਵਿੰਦਰ ਸਿੰਘ ਜੋਸ਼ਨ ਅਤੇ ਅਜੇ ਕੁਮਾਰ ਸ਼ਾਮਿਲ ਹੋਏ ਅਤੇ 28 ਸਤੰਬਰ ਦੇ ਰੋਸ ਪ੍ਰਦਰਸ਼ਨ ਵਿਚ ਡਟਵੀਂ ਹਮਾਇਤ ਦਾ ਭਰੋਸਾ ਦਿੱਤਾ | ਇਸ ਮੀਟਿੰਗ ਸਮੇਂ ਸਿਮਰਜੀਤ ਕੌਰ, ਕੋਮਲ ਸੋਨੀ, ਸੀਮਾ ਰਾਣੀ, ਸਤਪਾਲ ਸਿੰਘ, ਪ੍ਰਵੀਨ ਸਿੰਘ, ਜਸਪ੍ਰੀਤ ਸਿੰਘ, ਸੁਖਵੀਰ ਸਿੰਘ, ਛਨਕ ਸਿੰਘ, ਸੁਖਜਿੰਦਰ ਸਿੰਘ, ਕੁਲਵੰਤ ਸਿੰਘ, ਗੁਰਿੰਦਰ ਸਿੰਘ, ਵਿਕਰਮਜੀਤ ਸਿੰਘ, ਬਲਰਾਜ ਸਿੰਘ, ਅਰੁਨਦੀਪ ਸਿੰਘ, ਸੁਖਜੀਤ ਸਿੰਘ ਆਦਿ ਅਧਿਆਪਕ ਸਾਥੀ ਹਾਜ਼ਰ ਸਨ |