14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਖਫ਼ਾ

Ad Position 21
No active advertisement
ਸ੍ਰੀ ਰਾਮ ਲੀਲ੍ਹਾ ਸਬੰਧੀ ਸ਼ੋਭਾ ਯਾਤਰਾ ਤੇ ਹੋਰ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਹੜਤਾਲ ਦੌਰਾਨ ਹੀ ਨਿਗਮ ਦੇ ਮੁਲਾਜ਼ਮ ਸ਼ਹਿਰ ਦੀਆਂ ਕੁੱਝ ਖ਼ਾਸ ਥਾਵਾਂ ਤੋਂ ਕੂੜਾ ਚੁੱਕਦੇ ਹੋਏ | ਤਸਵੀਰ: ਤਿਲਕਰਾਜ
ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਨਗਰ ਨਿਗਮ ਦੇ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਤਿਲਕਰਾਜ
27-09-2025
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ 10ਵੇਂ ਦਿਨ ਵੀ ਰੋਹ ਵਿਚ ਆਏ ਮੁਲਾਜ਼ਮਾਂ ਨੇ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਹੜਤਾਲ ਕਾਰਨ ਸ਼ਹਿਰ ਵਿਚ ਕੂੜਾ ਚੁੱਕਣ ਤੋਂ ਇਲਾਵਾ ਨਿਗਮ ਦੇ ਹਰ ਤਰ੍ਹਾਂ ਦੇ ਕਾਰਜ ਠੱਪ ਹੋ ਕੇ ਰਹਿ ਗਏ ਹਨ | ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਕੂੜੇ ਦੇ ਵੱਧ ਰਹੇ ਢੇਰਾਂ ਕਾਰਨ ਰਾਹਗੀਰ ਮੁਸ਼ਕਲਾਂ ਵਿਚੋਂ ਗੁਜ਼ਰ ਰਹੇ ਹਨ ਤੇ ਲੋਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਖਫ਼ਾ ਹਨ | ਇੱਥੇ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਨਗਰ ਨਿਗਮ 'ਤੇ ਕਾਬਜ਼ ਕਾਂਗਰਸ ਨਾਲ ਸਬੰਧਿਤ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸ਼ਹਿਰ ਵਿਚ ਕੂੜੇ ਦੇ ਢੇਰਾਂ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ ਹੈ, ਇਸ ਲਈ ਇਹ ਢੇਰ ਤੁਰੰਤ ਚੁਕਵਾਉਣ ਦਾ ਪ੍ਰਬੰਧ ਕੀਤਾ ਜਾਵੇ | ਇਨ੍ਹਾਂ ਕੌਂਸਲਰਾਂ ਨੂੰ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਸੀ ਕਿ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਹੜਤਾਲੀ ਮੁਲਾਜ਼ਮਾਂ ਦੀ ਯੂਨੀਅਨ ਨਾਲ ਗੱਲਬਾਤ ਕਰਨਗੇ, ਪ੍ਰੰਤੂ ਅਜੇ ਤੱਕ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸ੍ਰੀ ਰਾਮ ਲੀਲ੍ਹਾ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਤੇ ਹੋਰ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਅੱਜ ਸ਼ਾਲੀਮਾਰ ਬਾਗ ਤੋਂ ਲੈ ਕੇ ਸਤਨਰਾਇਣ ਮੰਦਿਰ ਤੇ ਯਾਤਰਾ ਦੇ ਸਾਰੇ ਰੂਟ 'ਤੇ ਲੱਗੇ ਕੂੜੇ ਦੇ ਢੇਰ ਚੁੱਕਵਾ ਕੇ ਇਨ੍ਹਾਂ ਥਾਵਾਂ ਦੀ ਸਫ਼ਾਈ ਕੀਤੀ ਞਈ | ਜਦਕਿ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਅਜੇ ਵੀ ਵੱਡੇ ਵੱਡੇ ਕੂੜੇ ਦੇ ਢੇਰ ਦਿਖਾਈ ਦੇ ਰਹੇ ਹਨ | ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਨਿਗਮ ਦਫ਼ਤਰ ਮੂਹਰੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ, ਜਿਸ ਨੂੰ ਧਿਆਨ ਵਿਚ ਰੱਖਦਿਆਂ ਅੱਜ ਨਿਗਮ ਦੇ ਮੁਲਾਜ਼ਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਕੂੜੇ ਦੇ ਢੇਰ ਚੁੱਕ ਕੇ ਸਫ਼ਾਈ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਵੱਖ-ਵੱਖ ਰਾਜਸੀ ਪਾਰਟੀ ਦੀਆਂ ਸਰਕਾਰਾਂ ਬਣੀਆਂ, ਪ੍ਰੰਤੂ ਨਗਰ ਨਿਗਮ ਵਿਚ ਸੀਵਰੇਜ ਮੈਨ ਤੇ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਭਰਤੀ ਨਾ ਹੋਣ ਕਾਰਨ ਸਫ਼ਾਈ ਤੇ ਸੀਵਰੇਜ ਸਬੰਧੀ ਲੋਕਾਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਨਗਰ ਨਿਗਮ ਵਲੋਂ ਸਫ਼ਾਈ ਸੇਵਕਾਂ ਤੇ ਸੀਵਰੇਜਮੈਨਾਂ ਆਦਿ ਦੀ ਭਰਤੀ ਲਈ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਦੇ ਬਾਵਜੂਦ ਵੀ ਕਿਸੇ ਵੀ ਯੋਗ ਉਮੀਦਵਾਰ ਨੂੰ ਨਿਯੁਕਤੀ ਪੱਤਰ ਨਹੀਂ ਦਿੱਤਾ ਤੇ ਇਹ ਮਾਮਲਾ ਅਜੇ ਵੀ ਠੰਢੇ ਬਸਤੇ ਵਿਚ ਪਿਆ ਹੋਇਆ ਹੈ ਤੇ ਬੀਤੀ 11 ਅਗਸਤ ਨੂੰ ਨਗਰ ਨਿਗਮ ਦੇ ਹਾਊਸ ਵਲੋਂ ਕੂੜੇ ਦੇ ਕੰਮ ਦੀ ਕੁਲੈਕਸ਼ਨ ਤੋਂ ਲੈ ਕੇ ਪ੍ਰੋਸੈਸਿੰਗ ਤੱਕ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ 10 ਸਾਲਾਂ ਲਈ ਇਕ ਤਖ਼ਮੀਨਾ ਤਿਆਰ ਕੀਤਾ ਹੈ, ਜਿਸ 'ਤੇ 33 ਕਰੋੜ ਤੋਂ ਵੱਧ ਲਾਗਤ ਆਵੇਗੀ ਤੇ ਇਸ ਤਖ਼ਮੀਨੇ ਨੂੰ ਨਿਗਮ ਵਲੋਂ ਇਕ ਸਾਲ ਲਈ ਤਜਰਬੇ ਦੇ ਤੌਰ 'ਤੇ ਲਾਗੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ | ਸੰਗਠਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕੂੜਾ ਚੁੱਕਣ ਦਾ ਇਹ ਕੰਮ ਕਿਸੇ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਜਾਂਦਾ ਹੈ ਤਾਂ ਨਿਗਮ ਦੇ ਮੁਲਾਜ਼ਮਾਂ ਦਾ ਭਵਿੱਖ ਖ਼ਤਰੇ ਵਿਚ ਪੈ ਜਾਵੇਗਾ | ਇਸ ਤਜਵੀਜ਼ ਦੇ ਰੋਸ ਵਜੋਂ ਤੇ ਮੁਲਾਜ਼ਮਾਂ ਦੀਆਂ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ |
ਸਰਕਾਰ ਨੇ 27 ਸਤੰਬਰ ਨੂੰ ਬੁਲਾਈ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ
ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਗੰਭੀਰਤਾ ਨਾਲ ਲੈਂਦਿਆਂ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਇਕ ਮੀਟਿੰਗ 27 ਸਤੰਬਰ ਨੂੰ ਸਾਢੇ 9 ਵਜੇ ਮਿਉਂਸੀਪਲ ਭਵਨ ਚੰਡੀਗੜ੍ਹ ਵਿਚ ਬੁਲਾਈ ਹੈ | ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਮੀਟਿੰਗ ਵਿਚ ਐਕਸ਼ਨ ਕਮੇਟੀ ਨਾਲ ਗੱਲਬਾਤ ਦੌਰਾਨ ਮੁਲਾਜ਼ਮ ਮੰਗਾਂ ਸਬੰਧੀ ਜੇਕਰ ਕੋਈ ਠੋਸ ਹੱਲ ਨਿਕਲਦਾ ਹੈ ਤਾਂ ਨਿਗਮ ਦੇ ਮੁਲਾਜ਼ਮ ਆਪਣੀ ਹੜਤਾਲ ਖ਼ਤਮ ਕਰਕੇ ਮੁੜ ਕੰਮ 'ਤੇ ਪਰਤ ਸਕਦੇ ਹਨ, ਜੇਕਰ ਇਹ ਮੀਟਿੰਗ ਬੇਸਿੱਟਾ ਰਹੀ ਤਾਂ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹਿਣ ਕਾਰਨ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਕੂੜੇ ਦੇ ਨਿਪਟਾਰੇ ਸਮੇਤ ਹੋਰ ਸਮੱਸਿਆਵਾਂ ਨਾਲ ਦੋ ਚਾਰ ਹੋਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਲੋਕ ਭਾਜਪਾ 'ਚ ਸ਼ਾਮਿਲ
ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Ad Position 24