ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੇ ਮੁੜ ਵਸੇਬੇ ਲਈ ਜੰਗੀ ਪੱਧਰ 'ਤੇ ਯਤਨ ਜਾਰੀ ਹਨ ਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਲ ਡੰਗਰ ਦੀ ਵੀ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਸਬੰਧਿਤ ਐਸ.ਡੀ.ਐਮ ਤੋਂ ਰਿਪੋਰਟ ਪ੍ਰਾਪਤ ਕਰਕੇ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਦੀਆਂ ਟੀਮਾਂ ਵਲੋਂ ਪਿੰਡ ਆਹਲੀ ਖ਼ੁਰਦ ਵਿਖੇ ਲੋਕਾਂ ਦੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿੱਥੇ ਪਸ਼ੂਆਂ ਦੀ ਸਿਹਤ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਦਾ ਟੀਕਾਕਰਨ ਤੇ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸ਼ੇਰਪੁਰ ਡੋਗਰਾ ਤੇ ਆਹਲੀ ਖ਼ੁਰਦ ਵਿਖੇ 50 ਕੁਇੰਟਲ ਤੋਂ ਵੱਧ ਪਸ਼ੂਆਂ ਦੀ ਫੀਡ ਦੇ ਬੋਰਿਆਂ ਦੀ ਵੰਡ ਕੀਤੀ ਗਈ |