ਸੁਭਾਨਪੁਰ, 18 ਅਕਤੂਬਰ (ਸਤਨਾਮ ਸਿੰਘ)-ਐਸ.ਐਸ.ਪੀ. ਗੌਰਵ ਤੂਰਾ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਣ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ ਤੇ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ. ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਹਾੜੀਪੁਰ, ਸੁਭਾਨਪੁਰ, ਬੂਟਾ ਤੋਂ ਹੁੰਦੀ ਹੋਈ ਲਿੰਕ ਸੜਕ ਰਮੀਦੀ ਦੇ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਆਪਣੀ ਜੇਬ ਵਿਚੋਂ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਜਦੋਂ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਕਰਮਜੀਤ ਸਿੰਘ ਕੰਮੋ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |