ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਲੋਂ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਚਾਰ ਪੜਾਵਾਂ ਵਿਚ ਹੋਏ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਦੇ ਗਿਆਨ, ਉਨ੍ਹਾਂ ਦੀ ਸੋਚ ਤੇ ਟੀਮ ਵਰਕ ਦੀ ਪਰਖ ਕੀਤੀ ਗਈ | ਇਸ ਮੁਕਾਬਲੇ ਵਿਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਪਹਿਲਾ, ਡਾ. ਰਾਧਾ ਕ੍ਰਿਸ਼ਨਨ ਹਾਊਸ ਨੇ ਦੂਜਾ ਤੇ ਵਿਵੇਕਾਨੰਦ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨੇ ਅੰਤਰ ਹਾਊਸ ਕੁਇਜ਼ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਲਿਆਉਂਦੇ ਹਨ | ਸਕੂਲ ਦੀ ਪਿੰ੍ਰਸੀਪਲ ਪਰਮਿੰਦਰ ਕੌਰ ਨੇ ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |