ਸੁਲਤਾਨਪੁਰ ਲੋਧੀ, 2 ਨਵੰਬਰ (ਥਿੰਦ)- ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕੀਤੇ ਜਾਣ 'ਤੇ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪ੍ਰੋ ਬਲਜੀਤ ਸਿੰਘ ਥਿੰਦ, ਕੰਬੋਜ ਵੈੱਲਫੇਅਰ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਅਤੇ ਬਿਜਲੀ ਬੋਰਡ ਦੇ ਰਿਟਾਇਰਡ ਅਧਿਕਾਰੀ ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਇੱਕ ਹੋਰ ਬੇਇਨਸਾਫੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ 'ਤੇ ਸੂਬੇ ਦੇ ਹੱਕ ਖਤਮ ਕਰਨ ਦੀ ਸਪੱਸ਼ਟ ਚਾਲ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖਾਸੀਅਤ ਸੀ ਕਿ ਇਸ ਦੀ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕ ਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ ਪ੍ਰੰਤੂ ਕੇਂਦਰ ਦੀ ਸਰਕਾਰ ਨੇ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਸੀ, ਜਿਸ ਕਰਕੇ ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕੀਤਾ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਫ਼ੈਸਲਾ ਤਾਨਾਸ਼ਾਹੀ ਵਾਲਾ ਹੈ ਜੋ ਸੰਘੀ ਢਾਂਚੇ ਤੇ ਪੰਜਾਬ ਪੁਨਰ ਗਠਨ ਐਕਟ ਦੀ ਉਲੰਘਣਾ ਹੈ |