ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸੀ-ਪਾਈਟ ਥੇਹ ਕਾਂਜਲਾ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ ਕੈਂਪ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੇ ਭਾਗ ਲਿਆ | ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਆਰਮਡ ਫੋਰਸਜ਼ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੁਫ਼ਤ ਸਰੀਰਕ ਤੇ ਲਿਖਤੀ ਸਿਖਲਾਈ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਖਾਣੇ ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵਿਚ ਟੀ.ਏ. ਦੀ ਸਿੱਧੀ ਭਰਤੀ ਲਈ ਵੀ ਸਿਖਲਾਈ ਚਾਲੂ ਹੈ ਤੇ ਨੌਜਵਾਨਾਂ ਵਲੋਂ ਵੱਡੇ ਪੱਧਰ 'ਤੇ ਉਤਸ਼ਾਹ ਦਿਖਾਇਆ ਜਾ ਰਿਹਾ ਹੈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਰਾਜਨ ਸ਼ਰਮਾ ਨੇ ਸੀ.ਪਾਈਟ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ, ਨਿੱਜੀ ਅਦਾਰਿਆਂ ਤੇ ਹੋਰ ਸੰਸਥਾਵਾਂ ਵਿਚ ਨੌਕਰੀ ਦੇ ਨਾਲ ਨਾਲ ਕੀਤੀ ਜਾਂਦੀ ਸਹਾਇਤਾ ਤੇ ਸਵੈ ਰੁਜ਼ਗਾਰ ਸਥਾਪਿਤ ਕਰਨ ਲਈ ਲੋਨ ਪ੍ਰਾਪਤ ਕਰਵਾਉਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |