ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੁਲਤਾਨਪੁਰ ਲੋਧੀ ਸ਼ਹਿਰ ਵਿਚ 4 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸ੍ਰੀ ਬੇਰ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸਮੁੱਚੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਨਾਲ ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਪੰਚਾਲ ਅਤੇ ਐਸ.ਐਸ.ਪੀ. ਸ੍ਰੀ ਤੂਰਾ ਵਲੋਂ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਪਲਾਨ ਦਾ ਪੈਦਲ ਚੱਲ ਕੇ ਜਾਇਜ਼ਾ ਲਿਆ ਗਿਆ | ਉਨ੍ਹਾਂ ਸ਼ਹਿਰ ਵਿਚ ਵੀ ਵੱਖ-ਵੱਖ ਥਾਵਾਂ 'ਤੇ ਜਾ ਕੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ, ਸੁਚਾਰੂ ਆਵਾਜਾਈ ਦੇ ਪ੍ਰਬੰਧਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਤੇ ਗੁਰਪੁਰਬ ਸਮਾਗਮਾਂ ਦੌਰਾਨ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤ ਹੁੰਮ ਹੁਮਾ ਕੇ ਗੁਰਪੁਰਬ ਸਬੰਧੀ ਸਮਾਗਮਾਂ ਵਿਚ ਸ਼ਿਰਕਤ ਕਰੇ | ਡਿਪਟੀ ਕਮਿਸ਼ਨਰ ਵਲੋਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਹੋਰ ਪ੍ਰਬੰਧਕਾਂ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਕੀਤੇ ਗਏ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ | ਐਸ.ਐਸ.ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ, ਪਾਰਕਿੰਗ ਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ,ਜਿਸ ਅਨੁਸਾਰ ਬਦਲਵੇਂ ਰੂਟ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਡੀਐਸਪੀ ਧੀਰੇਂਦਰ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵ) ਵਰਿੰਦਰਪਾਲ ਸਿੰਘ ਬਾਜਵਾ, ਐਸਡੀਐਮ ਅਲਕਾ ਕਾਲੀਆ ਤੇ ਹੋਰ ਹਾਜ਼ਰ ਸਨ |