ਕਪੂਰਥਲਾ, 21 ਨਵੰਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਗਏ ਕਿਸਾਨ ਸੰਘਰਸ਼ ਦੀ ਵਰ੍ਹੇਗੰਢ 'ਤੇ 26 ਨਵੰਬਰ ਨੂੰ ਚੰਡੀਗੜ੍ਹ ਵਿਚ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਵਿਚ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਸਬੰਧਿਤ ਕਿਸਾਨ ਸ਼ਾਮਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦੱਸਿਆ ਕਿ ਇਸ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਯੂਨੀਅਨ ਵਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰੈਲੀ ਵਿਚ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਲੋਕ ਵਿਰੋਧੀ ਬਿਜਲੀ ਬਿੱਲ 2025 ਰੱਦ ਕਰਨ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਉਣ, ਸਿੱਖਿਆ ਨੀਤੀ 2020 ਰੱਦ ਕਰਨ, ਪਿਛਲੇ 5 ਸਾਲਾਂ ਤੋਂ ਬਿਨ੍ਹਾਂ ਚਲਾਨ ਜੇਲ੍ਹਾਂ ਵਿਚ ਬੰਦ ਸਿਆਸੀ ਕੈਦੀ ਤੁਰੰਤ ਰਿਹਾਅ ਕਰਨ ਤੇ ਕੇਂਦਰ ਸਰਕਾਰ ਵਲੋਂ ਅਮਰੀਕਾ ਤੇ ਯੂ.ਕੇ. ਨਾਲ ਕੀਤੇ ਗਏ ਵਪਾਰ ਸਮਝੌਤੇ ਰੱਦ ਕਰਨ ਦੀ ਮੰਗ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਬਾਰੇ ਚਰਚਾ ਕੀਤੀ ਜਾਵੇਗੀ |