ਕਪੂਰਥਲਾ, 22 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕਮਿਊਨਿਸਟ ਇਨਕਲਾਬੀਆਂ ਤੇ ਮਾਉਵਾਦੀ ਆਗੂਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਨਾਂਅ 'ਤੇ ਮਾਰੇ ਜਾਣ ਦੇ ਵਿਰੋਧ ਵਿਚ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਸਥਾਨਕ ਸ਼ਾਲਾਮਾਰ ਬਾਗ ਵਿਚ ਮੋਦੀ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਤੇ ਬਾਅਦ ਵਿਚ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ | ਇਸ ਮੌਕੇ ਬੋਲਦਿਆਂ ਪਾਰਟੀ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ, ਅਮਰਜੀਤ ਸਿੰਘ ਜਵਾਲਾਪੁਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੱੁਲਰ ਤੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮਲ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦਾ ਜਲ, ਜੰਗਲ, ਜਮੀਨ ਦੇਸ਼ੀ ਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਸੌਂਪੇ ਜਾਣ ਦੇ ਵਿਰੋਧ ਵਿਚ ਆਦੀਵਾਸੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਬਾਉਣ ਤੇ ਉਨ੍ਹਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਕਮਿਊਨਿਸਟ ਇਨਕਲਾਬੀਆਂ ਤੇ ਮਾਉਵਾਦੀ ਆਗੂਆਂ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਿਆ ਜਾ ਰਿਹਾ ਹੈ ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨਕਸਲੀਆਂ ਨੂੰ ਮਾਰ ਮੁਕਾਉਣ ਦੀ ਨੀਤੀ, ਕਾਨੂੰਨ ਦਾ ਰਾਜ ਅਤੇ ਦੁਨੀਆਂ ਦੀ ਵੱਡੀ ਜਮਹੂਰੀਅਤ ਹੋਣ ਦੇ ਦਾਅਵੇ ਬੇਪਰਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮਾਉਵਾਦੀਆਂ ਤੇ ਆਦੀਵਾਸੀਆਂ 'ਤੇ ਢਾਹਿਆ ਜਾ ਰਿਹਾ ਜ਼ੁਲਮ ਇਸਦਾ ਪ੍ਰਤਖ਼ ਪ੍ਰਮਾਣ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੱਤਰਕਾਰਾਂ, ਲੇਖਕਾਂ, ਸਿਆਸੀ ਕਾਰਕੁਨਾ ਤੇ ਜਮਹੂਰੀ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਦੀ ਜ਼ਬਾਨਬੰਦੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਬਿਨਾਂ ਮੁਕੱਦਮੇ ਚਲਾਇਆਂ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ | ਕਮਿਊਨਿਸਟ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਅਦ ਵੀ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਸਰਕਾਰ ਨੂੰ ਦੇ ਕੇ ਕਿਹਾ ਕਿ ਉਹ ਝੂਠੇ ਪੁਲਿਸ ਮੁਕਾਬਲੇ ਬੰਦ ਕਰੇ | ਹਰਾਸਤ ਵਿਚ ਰੱਖੇ ਗਏ ਮਾਉਵਾਦੀਆਂ ਤੇ ਆਦੀਵਾਸੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇ ਤੇ ਬਿਨਾਂ ਮੁਕੱਦਮੇ ਚਲਾਇਆਂ ਜੇਲ੍ਹਾਂ ਵਿਚ ਡੱਕੇ ਗਏ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਿਆਸੀ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ | ਰੋਸ ਵਿਖਾਵੇ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਲੁਭਾਇਆ ਸਿੰਘ ਕਾਲਾ ਸੰਘਿਆਂ, ਕੁਲਵਿੰਦਰ ਸਿੰਘ ਭੰਡਾਲ ਬੇਟ, ਸੁਰਿੰਦਰ ਸਿੰਘ ਗਦਰੀ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਬਲਵੀਰ ਸਿੰਘ ਫਜਲਾਬਾਦ, ਮਾਸਟਰ ਕਰਮ ਸਿੰਘ, ਬਲਵਿੰਦਰ ਸਿੰਘ ਵਿਲਾ ਕੋਠੀ, ਨੌਜਵਾਨ ਆਗੂ ਰਣਜੀਤ ਦੇਸਲ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹੰਸਾ ਸਿੰਘ ਮੁੰਡੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਜੀਤ ਸਿੰਘ, ਬਲਦੇਵ ਸਿੰਘ, ਸ਼ੀਤਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਮਿਊਨਿਸਟ ਪਾਰਟੀ ਨਿਊ ਡੈਮੋਕਰੇਸੀ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਦੇ ਵਿਰੋਧ 'ਚ ਰੋਸ ਵਿਖਾਵਾ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਅਗਵਾਈ 'ਚ ਪੁਲਿਸ ਮੁਕਾਬਲਿਆਂ ਦੇ ਵਿਰੋਧ 'ਚ ਰੋਸ ਵਿਖਾਵਾ ਕਰਦੇ ਹੋਏ ਪਾਰਟੀ ਦੇ ਆਗੂ ਤੇ ਵਰਕਰ | ਤਸਵੀਰ: ਤਿਲਕਰਾਜ<br/>
23-11-2025