ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵਲੋਂ ਵਿਦਿਆਰਥੀਆਂ ਨੂੰ ਵਿਸ਼ਾਲ ਤੇ ਰੁਹਾਨੀ ਵਿਰਸੇ ਨਾਲ ਜੋੜਣ ਲਈ ਧਾਰਮਿਕ ਤੇ ਇਤਿਹਾਸਕ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਕੋਲੋਂ ਗੁਰੂ ਸਾਹਿਬ ਦੀ ਬਾਣੀ, ਯਾਤਰਾਵਾਂ, ਇਤਿਹਾਸਕ ਘਟਨਾਵਾਂ ਤੇ ਉਨ੍ਹਾਂ ਦੇ ਸ਼ਹੀਦੀ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ | ਗਰੁੱਪ ਏ ਦੇ ਮੁਕਾਬਲੇ ਵਿਚ ਜੀ.ਬੀ. ਪਬਲਿਕ ਸਕੂਲ ਢਿਲਵਾਂ ਦੀਆਂ ਵਿਦਿਆਰਥਣਾਂ ਰੀਤੂ ਤੇ ਸਿਮਰਨਪ੍ਰੀਤ ਕੌਰ ਨੇ ਪਹਿਲਾ, ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਡਕਸ ਗਰਗ ਨੇ ਦੂਜਾ, ਮੰਡੀ ਹਾਰਡੀਗੰਜ ਸਕੂਲ ਦੀ ਵਿਦਿਆਰਥਣ ਪਲਕ ਤੇ ਖ਼ੁਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗਰੁੱਪ ਬੀ ਦੇ ਮੁਕਾਬਲੇ ਵਿਚ ਮੰਡੀ ਹਾਰਡੀਗੰਜ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਬਾਜਵਾ ਨੇ ਪਹਿਲਾ, ਅੰਸ਼ ਨੇ ਦੂਜਾ ਤੇ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਦੇ ਵਿਦਿਆਰਥੀ ਸਮਰ, ਤੇਗਬੀਰ ਸਿੰਘ ਤੇ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਵਿਦਿਆਰਥਣ ਰਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪਿ੍ੰਸੀਪਲ ਡਾ. ਬਿਕਰਮ ਸਿੰਘ ਵਿਰਕ ਤੇ ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ, ਮਨੁੱਖਤਾ ਪ੍ਰਤੀ ਪ੍ਰੇਮ, ਧਰਮ ਦੀ ਰੱਖਿਆ, ਨਿਸ਼ਕਾਮ ਸੇਵਾ, ਧਰਮ ਨਿਰਪੱਖਤਾ, ਮਨੁੱਖਤਾ ਦਾ ਸਤਿਕਾਰ ਤੇ ਸਰਬੱਤ ਦਾ ਭਲਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ | ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਦੇ ਸਭਿਆਚਾਰ ਨਾਲ ਜੋੜਦੇ ਹਨ | ਮੁਕਾਬਲਿਆਂ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਏ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਲਾਇਲਪੁਰ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵਲੋਂ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ
ਅਜੀਤ ਡੈਸਕ
24-11-2025