ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਦੋਸ਼ ਲਗਾਇਆ ਕਿ ਉਨਾਂ ਦੇ ਧੜੇ ਦੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਗਲਤ ਤਰੀਕੇ ਨਾਲ ਰੱਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬਲਾਕ ਕਮੇਟੀ ਜ਼ੋਨ ਜੈਨਪੁਰ ਤੋਂ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਜਰਨੈਲ ਸਿੰਘ ਦੇ ਪੁੱਤਰ ਹਰਜਿੰਦਰ ਸਿੰਘ 'ਤੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਇਹ ਇੱਕ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੇ ਜਾ ਰਹੇ ਹਨ | ਉਨਾਂ ਕਿਹਾ ਕਿ ਉਨਾਂ ਨੇ ਕਿਸੇ ਵੀ ਸਰਕਾਰੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ ਹੈ |ਵਿਧਾਇਕ ਰਾਣਾ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਕੰਮ ਕੀਤਾ ਗਿਆ ਹੈ, ਤਾਂ ਉਹ ਇਸ ਮਾਮਲੇ ਨੂੰ ਚੋਣ ਕਮਿਸ਼ਨ ਅਤੇ ਹਾਈ ਕੋਰਟ ਵਿਚ ਲੈ ਜਾਣਗੇ | ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਡਿਊਟੀ ਦੌਰਾਨ ਸਾਡੇ ਉਮੀਦਵਾਰਾਂ ਨੂੰ ਪਰੇਸ਼ਾਨ ਕਰਦਾ ਹੈ, ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ | ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧ ਵਿਚ ਸੁਲਤਾਨਪੁਰ ਲੋਧੀ ਦੇ ਐਸਡੀਐਮ ਨਾਲ ਵੀ ਮੁਲਾਕਾਤ ਕੀਤੀ ਹੈ, ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਹੋਵੇਗਾ |