ਕਪੂਰਥਲਾ, 18 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਦੇ ਸੱਦੇ 'ਤੇ ਅੱਜ ਯੂਨੀਅਨ ਵਲੋਂ ਪਿੰਡ ਜਵਾਲਾਪੁਰ ਵਿਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ ਤੇ ਹੁਣ ਬਿਜਲੀ ਸੋਧ ਬਿੱਲ 2025 ਤੇ 'ਵੈਬ ਜੀ ਰਾਮ ਜੀ' ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ਼ ਨਾਂਅ ਹੀ ਨਹੀਂ ਬਦਲਿਆ ਜਾ ਰਿਹਾ, ਸਗੋਂ ਇਸ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਮਾਰੂ ਸੋਧਾਂ ਨਾਲ ਮਜ਼ਦੂਰ ਵਰਗ ਨੂੰ ਮਿਲਣ ਵਾਲਾ ਨਾਮਾਤਰ ਰੁਜ਼ਗਾਰ ਵੀ ਖੁੱਸ ਜਾਵੇਗਾ | ਉਨ੍ਹਾਂ ਪੇਂਡੂ ਮਜ਼ਦੂਰ ਤੇ ਸੰਮਤੀ ਕਾਮਿਆਂ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਬਿੱਲਾਂ ਦਾ ਇੱਕਮੁੱਠ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ | ਯੂਨੀਅਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਤੇ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਯੂਨੀਅਨ ਵਲੋਂ 6 ਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ | ਉਨ੍ਹਾਂ ਪੇਂਡੂ ਮਜ਼ਦੂਰਾਂ ਤੇ ਸਨਅਤੀ ਕਾਮਿਆਂ ਨੂੰ ਇਨ੍ਹਾਂ ਧਰਨਿਆਂ 'ਚ ਪੁੱਜਣ ਦੀ ਅਪੀਲ ਕੀਤੀ |