ਕਪੂਰਥਲਾ, 18 ਦਸੰਬਰ (ਸਡਾਨਾ)-ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੀ ਰੋਸ ਵਿਖਾਵਾ ਕੀਤਾ ਗਿਆ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰ ਕੇਡਰ ਪਸ਼ੂ ਪਾਲਣ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ ਹੈ ਤੇ ਪਸ਼ੂ ਧਨ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਅਤੇ ਨਸਲ ਸੁਧਾਰ ਸਬੰਧੀ ਵੀ ਵੈਟਰਨਰੀ ਇੰਸਪੈਕਟਰਾਂ ਵਲੋਂ ਵਿਭਾਗ ਦੀਆਂ ਹਦਾਇਤਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਤੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਇਸ ਦਾ ਕੋਈ ਸਿੱਟਾ ਨਹੀਂ ਨਿਕਲ ਰਿਹਾ | ਯੂਨੀਅਨ ਆਗੂਆਂ ਨੇ ਕਿਹਾ ਕਿ ਅਫ਼ਸਰ ਸ਼ਾਹੀ ਦੇ ਰਵੱਈਏ ਤੋਂ ਤੰਗ ਆਏ ਵੈਟਰਨਰੀ ਇੰਸਪੈਕਟਰਾਂ ਨੇ ਸਰਕਾਰ ਦੇ ਨਿਯਮਾਂ ਅਧੀਨ ਕੰਮ ਕਰਨ ਦਾ ਫ਼ੈਸਲਾ ਲਿਆ ਅਤੇ ਵਰਕ ਟੂ ਰੂਲ ਕੰਮ ਕਰਨ ਕਾਰਨ ਬੌਖਲਾਹਟ ਵਿਚ ਆਈ ਵਿਭਾਗ ਤੇ ਅਫ਼ਸਰਸ਼ਾਹੀ ਵਲੋਂ ਵੈਟਰਨਰੀ ਇੰਸਪੈਕਟਰਾਂ ਰਾਹੀਂ ਕੀਤੇ ਗਏ ਕੰਮਾਂ ਨੂੰ ਅਫ਼ਸਰ ਸ਼ਾਹੀ ਜ਼ਬਰਦਸਤੀ ਆਪਣੇ ਖਾਤੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਵੈਟਰਨਰੀ ਇੰਸਪੈਕਟਰ ਜ਼ੋਰਦਾਰ ਵਿਰੋਧ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚਾਰ ਜਨਵਰੀ ਨੂੰ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਦੇ ਵਿਧਾਨ ਸਭਾ ਹਲਕੇ ਲੰਬੀ ਵਿਖੇ ਸੂਬਾ ਪੱਧਰੀ ਰੋਸ ਵਿਖਾਵਾ ਕੀਤਾ ਜਾਵੇਗਾ |