ਸੁਲਤਾਨਪੁਰ ਲੋਧੀ, 18 ਦਸੰਬਰ (ਨਰੇਸ਼ ਹੈਪੀ)-ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦਾ ਨਾਂਅ ''ਵੀਰ ਬਾਲ ਦਿਵਸ'' ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਮੰਗ ਨੂੰ ਲੈ ਕੇ ਪਾਰਲੀਮੈਂਟ ਦੇ ਮੁੱਖ ਦੁਆਰ 'ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਲੰਘੀ 9 ਦਸੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਬਾਲ ਵਿਕਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 'ਵੀਰ ਬਾਲ ਦਿਵਸ' ਦੀ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਵੇ | ਇਸ ਦਿਹਾੜੇ ਨੂੰ ਲੈ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਸਿੱਖ ਕੌਮ ਨੂੰ ਇਹ ਨਾਂਅ ਤੋਂ ਪਹਿਲੇ ਦਿਨ ਤੋਂ ਹੀ ਸਖ਼ਤ ਇਤਰਾਜ਼ ਸੀ | ਸਾਹਿਬਜ਼ਾਦੇ ਬਾਲ ਨਹੀਂ ਸਿੱਖ ਜਗਤ ਲਈ ਬਾਬੇ ਹਨ | ਅੱਜ ਸਵੇਰੇ ਪਾਰਲੀਮੈਂਟ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪਣੇ ਦੋਹਾਂ ਹੱਥਾਂ 'ਚ ਤਖ਼ਤੀਆਂ ਫੜੀਆਂ ਹੋਈਆਂ ਸਨ | ਉਨ੍ਹਾਂ ਆਪਣਾ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਬੋਲੇ ਸੋ ਨਿਹਾਲ ਦਾ ਜੈਕਾਰਾ ਵੀ ਗਜਾਇਆ | ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸਮੁੱਚੀ ਸਿੱਖ ਕੌਮ ਦਾ ਮਾਮਲਾ ਹੈ ਤੇ ਹਰ ਸਿੱਖ ਤੇ ਹਰ ਪੰਜਾਬੀ ਇਸ ਬਾਰੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ |