ਫਗਵਾੜਾ, 18 ਦਸੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਬਲਾਕ ਫਗਵਾੜਾ 'ਚ ਵੱਖ-ਵੱਖ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ ਕਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ) ਅਧੀਨ ਚਲਾਈਆਂ ਜਾ ਰਹੀਆਂ ਪੋਸ਼ਣ ਅਤੇ ਭੋਜਨ ਸੁਰੱਖਿਆ ਯੋਜਨਾਵਾਂ ਦਾ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਗੁਣਵੱਤਾ ਦਾ ਮੁਲਾਂਕਣ ਕੀਤਾ ਗਿਆ | ਉਨ੍ਹਾਂ ਵਲੋਂ ਚੱਕ ਹਕੀਮਾ, ਹੁਸ਼ਿਆਰਪੁਰ ਚੌਕ ਤੇ ਧਰਮਕੋਟ ਦੇ ਇਲਾਕਿਆਂ 'ਚ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹੀ ਜ਼ਰੂਰੀ ਨਿਰਦੇਸ਼ ਦਿੱਤੇ | ਉਨ੍ਹਾਂ ਸਕੂਲ ਦੀਆਂ ਰਸੋਈਆਂ, ਖਾਣ-ਪੀਣ ਦੀਆਂ ਵਸਤੂਆਂ ਦੇ ਭੰਡਾਰਨ, ਸਾਫ਼-ਸਫਾਈ ਪ੍ਰਬੰਧਾਂ ਤੇ ਮਿਡ-ਡੇ ਮੀਲ ਦੀ ਗੁਣਵੱਤਾ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਮਿਡ-ਡੇ-ਮੀਲ ਵਰਕਰਾਂ ਦੀ ਨਿਯਮਤ ਸਿਹਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਬੱਚਿਆਂ ਨਾਲ ਭੋਜਨ ਦੀ ਗੁਣਵੱਤਾ ਬਾਰੇ ਉਨ੍ਹਾਂ ਦੇ ਫੀਡਬੈਕ ਨੂੰ ਸਮਝਣ ਲਈ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨਾਲ ਭੋਜਨ ਸਾਂਝਾ ਕੀਤਾ | ਉਨ੍ਹਾਂ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਸਬੰਧਿਤ ਵਿਭਾਗ ਦੁਆਰਾ ਕੀਤੀ ਜਾਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਸ਼ਿਕਾਇਤ ਅਤੇ ਹੈਲਪ ਲਾਈਨ ਨੰਬਰ - 9876764545 ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਲਾਭਪਾਤਰੀ ਆਸਾਨੀ ਨਾਲ ਸ਼ਿਕਾਇਤਾਂ ਦਰਜ ਕਰਵਾ ਸਕਣ |