ਸੁਲਤਾਨਪੁਰ ਲੋਧੀ, 20 ਦਸੰਬਰ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸੂਬਾਈ ਸੱਦੇ ਤਹਿਤ ਪਿੰਡ ਮੇਵਾ ਸਿੰਘ ਵਾਲਾ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਬਿੱਲਾਂ ਦੀ ਸਹੂਲਤ ਖੋਹਣ ਲਈ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿੱਲ 2025, ਕਿਰਤ ਕਾਨੂੰਨਾਂ ਨੂੰ ਤਬਦੀਲ ਕਰਕੇ ਬਣਾਏ ਕਿਰਤ ਕੋਡ ਅਤੇ ਨਾਂਅ ਬਦਲ ਕੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਤਿੱਖਾ ਵਿਰੋਧ ਕਰਦਿਆਂ ਇਨ੍ਹਾਂ ਕਾਲ਼ੇ ਕਾਨੂੰਨਾਂ ਅਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਿੰਗ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ ਨੇ ਕੇਂਦਰ ਸਰਕਾਰ ਵਲੋਂ ਇੱਕ ਤੋਂ ਬਾਅਦ ਇੱਕ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ ਅਤੇ ਹੁਣ ਬਿਜਲੀ ਸੋਧ ਬਿਲ 2025 ਅਤੇ ਵੈਬ-ਜੀ ਰਾਮ ਜੀ ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ਼ ਨਾਂਅ ਹੀ ਨਹੀਂ ਬਦਲਿਆ ਜਾ ਰਿਹਾ ਸਗੋਂ ਇਸ ਵਿਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜ਼ਿਸ਼ ਘੜੀ ਹੈ | ਉਨ੍ਹਾਂ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ਜਿੱਥੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਉੱਥੇ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 6 ਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਇਸ ਕਦਮ ਨੂੰ ਵਾਪਸ ਲੈਣ ਸਬੰਧੀ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਮੌਕੇ ਯੂਨੀਅਨ ਦੇ ਤਹਿਸੀਲ ਆਗੂ ਕੁਲਵੰਤ ਕੌਰ ਮੇਵਾ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ |