ਕਪੂਰਥਲਾ, 20 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਤਕ ਆਧਾਰ 'ਚ ਉਭਾਰ ਆਉਣ ਨਾਲ ਅਕਾਲੀ ਆਗੂ ਤੇ ਵਰਕਰ ਉਤਸ਼ਾਹ ਵਿਚ ਹਨ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ | ਇਹ ਗੱਲ ਐਚ.ਐਸ. ਵਾਲੀਆ ਹਲਕਾ ਇੰਚਾਰਜ ਕਪੂਰਥਲਾ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਵਿਚ ਬਲਾਕ ਸੰਮਤੀ ਦੇ ਜੇਤੂ ਚਾਰ ਉਮੀਦਵਾਰਾਂ ਤੇ ਚੋਣ ਲੜਣ ਵਾਲੇ ਉਮੀਦਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਤੋਂ ਬਾਅਦ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ | ਐਚ.ਐਸ. ਵਾਲੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ੋ੍ਰਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਬਣੇਗਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਆਗੂ ਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ ਤੇ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਸੱਤਾਧਾਰੀ ਪਾਰਟੀ ਦੇ ਬਦਲ ਵਜੋਂ ਦੇਖ ਰਹੇ ਹਨ | ਸਮਾਗਮ 'ਚ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਦੁਆਬਾ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੰਨਣ ਤੇ ਬਖ਼ਸ਼ੀਸ਼ ਸਿੰਘ ਧੰਮ ਤੋਂ ਇਲਾਵਾ ਹਲਕੇ ਦੇ ਹੋਰ ਕਈ ਪ੍ਰਮੁੱਖ ਆਗੂ ਤੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |