ਸੁਲਤਾਨਪੁਰ ਲੋਧੀ, 20 ਦਸੰਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਜੇਤੂ ਰਹੇ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਪਾਰਟੀ ਦੇ ਹਾਰੇ ਹੋਏ ਉਮੀਦਵਾਰਾਂ ਦੀ ਵੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਜਿੱਤ ਹਾਰ ਤਾਂ ਬਣੀ ਹੋਈ ਹੈ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਕੁੱਲ ਵੋਟ ਪ੍ਰਤੀਸ਼ਤ ਦੇਖੀਏ ਤਾਂ ਉਨ੍ਹਾਂ ਦੇ ਉਮੀਦਵਾਰਾਂ ਨੂੰ ਵੱਧ ਵੋਟਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਇਮਾਨਦਾਰੀ ਅਤੇ ਵਿਕਾਸ ਸੀ ਜਦਕਿ ਦੂਜੇ ਪਾਸੇ ਪੈਸੇ, ਨਸ਼ੇ, ਬੇਇਨਸਾਫ਼ੀ ਅਤੇ ਧੱਕੇਸ਼ਾਹੀ ਸੀ ਜਿਸਦਾ ਉਨ੍ਹਾਂ ਦੇ ਉਮੀਦਵਾਰਾਂ ਨੇ ਡੱਟ ਕੇ ਮੁਕਾਬਲਾ ਕੀਤਾ | ਇਸ ਲਈ ਸਾਡੇ ਉਮੀਦਵਾਰ ਹਾਰ ਕੇ ਵੀ ਜਿੱਤੇ ਹਨ | ਸੱਜਣ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ |