ਫਗਵਾੜਾ, 21 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਫਗਵਾੜਾ ਹਲਕੇ ਤੋਂ 2 'ਚੋਂ 1 ਤੇ ਬਲਾਕ ਸੰਮਤੀਆਂ ਵਿਚ 4 ਅਤੇ ਇੱਕ ਆਜ਼ਾਦ ਉਮੀਦਵਾਰ ਸਮੇਤ 5 ਬਲਾਕ ਸੰਮਤੀਆਂ ਵਿਚ ਹਾਸਲ ਹੋਈ ਜਿੱਤ ਨੂੰ ਪਾਰਟੀ ਦਾ ਸ਼ਾਨਦਾਰ ਪ੍ਰਦਰਸ਼ਨ ਦਸਦਿਆਂ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਹ ਪ੍ਰਦਰਸ਼ਨ ਲਾਜਵਾਬ ਹੈ | ਚੰਦੀ ਤੇ ਖੁਰਾਣਾ ਨੇ ਕਿਹਾ ਕਿ ਚੋਣ ਨਤੀਜੇ ਦੱਸ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਫਗਵਾੜਾ ਹੀ ਨਹੀਂ ਬਲਕਿ ਪੰਜਾਬ ਭਰ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਲੋਕ ਬਹੁਤ ਜ਼ਿਆਦਾ ਦੁਖੀ ਹਨ | ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਭਰ 'ਚ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ ਗਿਆ | ਪਿਛਲੇ ਚਾਰ ਸਾਲਾਂ ਵਿਚ ਪੰਜਾਬ 'ਤੇ ਕਰਜ਼ੇ ਦੀ ਪੰਡ ਉੱਤਰਨ ਦੀ ਥਾਂ ਸਗੋਂ ਹੋਰ ਜ਼ਿਆਦਾ ਵਧ ਚੁੱਕੀ ਹੈ | ਕਾਨੂੰਨ ਵਿਵਸਥਾ ਨਾਮ ਦੀ ਸੂਬੇ ਵਿਚ ਕੋਈ ਚੀਜ਼ ਨਹੀਂ ਹੈ | ਚੋਣ ਨਤੀਜਿਆਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਕੱਦ ਹੋਰ ਉੱਚਾ ਹੋਇਆ ਹੈ ਅਤੇ ਵੋਟਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ 2027 ਵਿਚ ਪੰਜਾਬ ਦੀ ਸੱਤਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਥਾਂ 'ਚ ਦੇਣ ਦਾ ਮਨ ਬਣਾ ਚੁੱਕੀ ਹੈ |