ਕਪੂਰਥਲਾ, 21 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਨਾਲ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਆਈ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਜੁਗਨੂੰ ਜ਼ਿਲ੍ਹਾ ਪ੍ਰਧਾਨ ਮੀਡੀਆ ਵਿੰਗ ਆਮ ਆਦਮੀ ਪਾਰਟੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਚੂਹੜਵਾਲ ਵਿਚ ਹੈੱਡ ਟੀਚਰ ਹਰਮਿੰਦਰ ਕੌਰ ਦੀ ਅਗਵਾਈ ਵਿਚ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਸਬੰਧੀ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਸਮਾਜ ਲਈ ਚਾਨਣ ਮੁਨਾਰਾ ਬਣ ਗਏ ਹਨ | ਇਸ ਮੌਕੇ ਬੋਲਦਿਆਂ ਆਪ ਦੇ ਆਗੂ ਕੁਲਦੀਪ ਸਿੰਘ ਕਪੂਰ ਨੇ ਵੀ ਮਾਪੇ ਅਧਿਆਪਕ ਮਿਲਣੀ ਕਰਵਾਉਣ ਲਈ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ | ਇੰਦਰਜੀਤ ਸਿੰਘ ਜੁਗਨੂੰ ਤੇ ਸਕੂਲ ਦੇ ਸਟਾਫ਼ ਨੇ ਸਕੂਲ ਦੇ ਵਧੀਆ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਆਪ ਦੀ ਮਹਿਲਾ ਵਿੰਗ ਦੀ ਆਗੂ ਬਲਵਿੰਦਰ ਕੌਰ, ਕਾਂਗਰਸ ਆਗੂ ਦਾਰਾ ਰਾਮ, ਬਲਵਿੰਦਰ ਸਿੰਘ ਭੰਡਾਲ, ਪਰਮਜੀਤ ਕੌਰ, ਸਰਿਤਾ ਰਾਣੀ, ਬਲਜੀਤ ਕੌਰ, ਅਮਰਜੀਤ ਕੌਰ, ਸੀਨਮ ਰਾਣੀ, ਸਰਬਜੀਤ ਕੌਰ, ਮਹਿੰਦਰ ਕੌਰ, ਕਮਲਾ ਰਾਣੀ ਆਦਿ ਹਾਜ਼ਰ ਸਨ |