ਕਪੂਰਥਲਾ, 22 ਦਸੰਬਰ (ਵਿ.ਪ੍ਰ.)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਦਿੱਤੇ ਗਏ ਭਰਵੇਂ ਹੁੰਗਾਰੇ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਨਵੀਰ ਸਿੰਘ ਰੰਧਾਵਾ ਪ੍ਰਧਾਨ ਸ਼ੋ੍ਰਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨਾਂ ਦੀਆਂ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਖੇਤਰਾਂ ਵਿਚ ਨੌਜਵਾਨਾਂ ਦੀ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇੱਕੋ ਇਕ ਵਾਹਦ ਪਾਰਟੀ ਹੈ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਲਈ ਡੱਟਕੇ ਪਹਿਰਾ ਦੇ ਸਕਦੀ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਤੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੇ ਆਗੂਆਂ ਨੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਿਸ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ |