ਕਪੂਰਥਲਾ, 26 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਭਾਸ਼ਣ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ, ਅਟਲ ਵਿਸ਼ਵਾਸ, ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਸੰਬੰਧੀ ਪ੍ਰਭਾਵਸ਼ਾਲੀ ਭਾਸ਼ਨ ਦਿੱਤੇ | ਵਿਦਿਆਰਥੀਆਂ ਨੇ ਆਪਣੇ ਭਾਸ਼ਨ ਵਿਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦੀ ਬੀਰਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਅੱਜ ਵੀ ਸਾਨੂੰ ਸੱਚ, ਇਨਸਾਫ਼ ਤੇ ਅਨਿਆਂ ਦੇ ਖ਼ਿਲਾਫ਼ ਡੱਟ ਕੇ ਖੜੇ ਰਹਿਣ ਲਈ ਪ੍ਰੇਰਣਾ ਦਿੱਤੀ | ਭਾਸ਼ਨ ਮੁਕਾਬਲੇ ਵਿਚ ਬੀ.ਬੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਬਲਵਿੰਦਰ ਕੌਰ ਨੇ ਪਹਿਲਾ, ਬੀ.ਕਾਮ. 5ਵੇਂ ਸਮੈਸਟਰ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਦੂਜਾ ਤੇ ਬੀ.ਏ. ਸਮੈਸਟਰ ਪਹਿਲੇ ਦੀ ਵਿਦਿਆਰਥਣ ਤਾਨੀਆਂ ਨੇ ਤੀਜਾ ਸਥਾਨ ਪ੍ਰਾਪਤ ਕਤਾ | ਭਾਸ਼ਣ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਨਾਮ ਤਕਸੀਮ ਕੀਤੇ | ਇਸ ਮੌਕੇ ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿਚ ਦੇਸ਼ ਭਗਤੀ, ਨੈਤਿਕ ਮੁੱਲਾਂ ਤੇ ਇਤਿਹਾਸਕ ਚੇਤਨਾ ਨੂੰ ਮਜ਼ਬੂਤ ਕਰਨਾ ਹੁੰਦਾ ਹੈ | ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਵਰਿੰਦਰ ਕੌਰ ਨੇ ਨਿਭਾਈ |