ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਬਾਰੇ ਕਾਲਜ ਦੇ ਐਨ.ਸੀ.ਸੀ. ਯੂਨਿਟ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਕਪੂਰਥਲਾ ਵਲੋਂ ਐਡਵੋਕੇਟ ਰਜਨੀ ਬਾਲਾ ਤੇ ਸੁਰਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ | ਉਨ੍ਹਾਂ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉੱਥੇ ਐਡਵੋਕੇਟ ਰਜਨੀ ਬਾਲਾ ਨੇ ਨੌਜਵਾਨਾਂ 'ਚ ਨਸ਼ਿਆਂ ਦੇ ਵਧਦੇ ਪ੍ਰਕੋਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਹੀ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਸਮੱਸਿਆ ਬੜਾ ਹੀ ਗੰਭੀਰ ਰੂਪ ਲੈ ਚੁੱਕੀ ਹੈ ਜਿਸ ਨੂੰ ਕਾਬੂ ਕਰਨਾ ਸਮੇਂ ਦੀ ਮੰਗ ਹੈ | ਉਨ੍ਹਾਂ ਦੱਸਿਆ ਕਿ ਨਸ਼ੇ ਸਮਾਜ ਨੂੰ ਲੱਗੇ ਇੱਕ ਕੋਹੜ ਵਾਂਗ ਹਨ, ਜਿਸ ਨਾਲ ਪੰਜਾਬ ਦੀ ਨੌਜਵਾਨੀ ਗ੍ਰਸਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ, ਵਿਦਿਆਰਥੀ ਤੇ ਅਧਿਆਪਕ ਇਸ ਸਮੱਸਿਆ ਦੀ ਰੋਕਥਾਮ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਅਗਰ ਕੋਈ ਦੂਜਾ ਬੇਗਾਨਾ ਵਿਅਕਤੀ ਨਸ਼ਾ ਕਰਦਾ ਹੋਵੇ ਪਰ ਉਸ ਦੀ ਇਸ ਅਲਾਮਤ ਦਾ ਖ਼ਮਿਆਜ਼ਾ ਪੂਰੇ ਸਮਾਜ ਨੂੰ ਭੁਗਤਣਾ ਪੈਂਦਾ ਹੈ | ਉਨ੍ਹਾਂ ਨੇ ਜ਼ਿਲ੍ਹਾ ਲੀਗਲ ਏਡ ਸੰਸਥਾ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਪਿ੍ੰ. ਡਾ. ਮਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਲੈਕਚਰ ਦੇਣ ਲਈ ਆਉਣ ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਇਸ ਲੈਕਚਰ ਨਾਲ ਨਸ਼ਿਆਂ ਦੀ ਸਮੱਸਿਆ ਬਾਰੇ ਜਾਣਨ ਦੀ ਉਤਸੁਕਤਾ ਵਧੀ ਹੈ ਤੇ ਉਹ ਵੀ ਇਸ ਸਮੱਸਿਆ ਦੀ ਰੋਕਥਾਮ ਲਈ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਕਾਲਜ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਨੇ ਗਤੀਵਿਧੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੋ. ਰਾਜਵਿੰਦਰ ਕੌਰ (ਵਾਇਸ ਪਿ੍ੰਸੀਪਲ), ਪ੍ਰੋ. ਜਸਕਰਨ ਸਿੰਘ, ਬਲਜਿੰਦਰ ਸਿੰਘ, ਰਾਜੂ ਭਾਰਤੀ, ਅਵਤਾਰ ਸਿੰਘ ਆਦਿ ਸ਼ਾਮਿਲ ਸਨ |