ਅੰਮਿ੍ਤਸਰ, 1 ਜਨਵਰੀ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ | ਇਥੇ ਜਾਰੀ ਬਿਆਨ ਵਿਚ ਧਾਮੀ ਨੇ ਦੋਸ਼ ਲਾਇਆ ਕਿ ਇਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਜਾਣਬੁਝ ਕੇ ਦਖਲ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ 'ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਵਲੋਂ ਚੁਣੀ ਹੋਈ ਸੰਸਥਾ ਹੈ, ਜਿਸ ਦੀ ਆਜ਼ਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਦੀ ਉਲੰਘਣਾ ਕਰਕੇ ਮਾਨ ਸਰਕਾਰ ਘੱਟ ਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ਼ ਆਵੇ ਅਤੇ ਇਸ ਸੰਬੰਧੀ ਕਰੜੇ ਸੰਘਰਸ਼ ਲਈ ਮਜਬੂਰ ਨਾ ਕਰੇ |