ਨਵੀਂ ਦਿੱਲੀ, 2 ਜਨਵਰੀ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਸਿੱਖਿਆ ਡਾਇਰੈਕਟੋਰੇਟ ਦੀ ਉਸ ਸ਼ਿਕਾਇਤ 'ਤੇ ਐੱਫ਼.ਆਈ.ਆਰ. ਦਰਜ ਕੀਤੀ ਹੈ, ਜਿਸ ਵਿਚ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲਿਆਂ ਦੇ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਦੇ ਸੰਬੰਧ 'ਚ ਇਕ ਪੱਤਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਗ਼ਲਤ ਸੂਚਨਾ ਫੈਲਾਉਣ ਦਾ ਦੋਸ਼ ਲਗਾਇਆ ਗਿਆ ਸੀ | ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਇਸ ਮੁੱਦੇ 'ਤੇ ਫੈਲਾਈ ਜਾ ਰਹੀ ਗ਼ਲਤ ਜਾਣਕਾਰੀ ਵਿਰੁੱਧ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ | ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਇਕ ਪ੍ਰੈੱਸ ਕਾਨਫ਼ਰੰਸ 'ਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਸੁਨੇਹਾ ਪੋਸਟ ਕੀਤਾ ਸੀ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਦੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਲਾਵਾਰਸ ਕੁੱਤਿਆਂ ਦੀ ਗਿਣਤੀ ਕਰਨ ਲਈ ਕਿਹਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪੋਸਟ ਸੰਬੰਧੀ ਵੀਰਵਾਰ ਨੂੰ ਇਕ ਪੁਲਿਸ ਸ਼ਿਕਾਇਤ ਦਰਜ ਕੀਤੀ ਗਈ ਹੈ | ਸਿੱਖਿਆ ਡਾਇਰੈਕਟੋਰੇਟ ਨੇ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ 'ਚ ਰਸਮੀ ਸ਼ਿਕਾਇਤ ਦਰਜ ਕਰਵਾਈ |