ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ 'ਮਿਸ਼ਨ ਰੁਜ਼ਗਾਰ' ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿਚ ਪਹਿਲੀ ਵਾਰ ਚਾਰ ਸਾਲਾਂ 'ਚ ਨÏਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ | ਇਨ੍ਹਾਂ ਉਮੀਦਵਾਰਾਂ 'ਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪਿ੍ੰਸੀਪਲ ਅਤੇ ਤਰਸ ਦੇ ਆਧਾਰ 'ਤੇ ਭਰਤੀ ਹੋਏ 56 ਮੁਲਾਜ਼ਮ ਹਨ | ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ | ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਉਹ ਸਮਾਂ ਯਾਦ ਹੈ ਕਿ ਜਦੋਂ ਨੌਜਵਾਨ ਨਿਯੁਕਤੀ ਪੱਤਰ ਦੀ ਆਸ 'ਚ ਸਾਲਾਂਬੱਧੀ ਡਾਕੀਏ ਨੂੰ ਉਡੀਕਦੇ ਰਹਿੰਦੇ ਸਨ, ਪਰ ਹੁਣ ਉਹ ਦੌਰ ਖਤਮ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਤੇ ਯੋਗਤਾ ਦੀ ਕਦਰ ਨਹੀਂ ਕੀਤੀ ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਰਿਓੜੀਆਂ ਵਾਂਗ ਨੌਕਰੀਆਂ ਵੰਡੀਆਂ | ਅਸੀਂ ਚਾਰ ਸਾਲਾਂ ਵਿਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ 'ਤੇ ਨੌਕਰੀ ਦਿੱਤੀ ਤਾਂ ਕਿ ਸਾਧਾਰਨ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ | ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ | ਸਰਕਾਰੀ ਸਕੂਲਾਂ 'ਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ | ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀ ਡਿਊਟੀ ਸਿਰਫ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣਾ ਹੀ ਨਹੀਂ, ਸਗੋਂ ਮਾਨਵਤਾ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਹੈ | ਇਸ ਮੌਕੇ ਸਕੱਤਰ ਸਕੂਲ ਸਿੱਖਿਆ ਅਨੰਦਿਤਾ ਮਿੱਤਰਾ, ਡਾਇਰੈਕਟਰ ਉਚੇਰੀ ਸਿੱਖਿਆ ਐਚ.ਐਸ. ਬਰਾੜ, ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਪੰਜਾਬ ਦੇ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ-ਮੁੱਖ ਮੰਤਰੀ
ਇਕ ਉਮੀਦਵਾਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ |<br/>
04-01-2026