ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ 328 ਪਾਵਨ ਸਰੂਪ ਮਾਮਲੇ 'ਚ ਗਿ੍ਫ਼ਤਾਰ ਸ਼ੋ੍ਰਮਣੀ ਕਮੇਟੀ ਦੇ ਤਤਕਾਲੀ ਸੀ.ਏ. ਸਤਿੰਦਰ ਸਿੰਘ ਕੋਹਲੀ ਦੀ ਕਾਨੂੰਨੀ ਪੈਰਵਾਈ ਕਰਨ ਵਾਲੇ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਵਕੀਲ ਐਡ. ਭਗਵੰਤ ਸਿੰਘ ਸਿਆਲਕਾ ਨੇ 'ਆਪ' ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ 328 ਪਾਵਨ ਸਰੂਪ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ 'ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ ਅਤੇ ਇੱਕ ਸੋਚੀ-ਸਮਝੀ ਸਾਜਿਸ਼ ਤਹਿਤ ਮੀਡੀਆ ਟਰਾਇਲ ਚਲਾਇਆ ਜਾ ਰਿਹਾ ਹੈ | ਅੱਜ ਇਥੇ ਆਪਣੇ ਚੈਂਬਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਕਿਹਾ ਕਿ 'ਆਪ' ਦੇ ਬੁਲਾਰੇ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚ ਬਿਨਾਂ ਪੂਰੀ ਜਾਣਕਾਰੀ ਦੇ ਉਨ੍ਹਾਂ 'ਤੇ ਨਿੱਜੀ ਤੌਰ 'ਤੇ ਨਿਸ਼ਾਨਾ ਸਾਧਿਆ ਗਿਆ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇੱਕ ਐਡਵੋਕੇਟ ਹੋਣ ਕਰਕੇ ਸੀ.ਏ. ਕੋਹਲੀ ਦੇ ਵਕੀਲ ਵਜੋਂ ਪੇਸ਼ ਹੋਏ ਹਨ, ਪਰ ਇਸ ਵਿਚ ਕਿਸੇ ਕਿਸਮ ਦੀ ਪ੍ਰੋਫੈਸ਼ਨਲ ਮਿਸਕੰਡਕਟ ਦੀ ਗੱਲ ਨਹੀਂ ਬਣਦੀ | ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਕੋਹਲੀ ਖ਼ਿਲਾਫ਼ ਕੇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ 75 ਫ਼ੀਸਦੀ ਰਿਕਵਰੀ ਸੰਬੰਧੀ ਦਾਇਰ ਕੀਤਾ ਗਿਆ ਸੀ, ਜਿਸ ਵਿਚ ਕੋਹਲੀ ਵਲੋਂ ਜਵਾਬ ਵੀ ਦਾਖ਼ਲ ਕੀਤਾ ਜਾ ਚੁੱਕਾ ਹੈ | ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਾਰਵਾਈ ਕੀਤੀ ਅਤੇ ਬਾਅਦ ਵਿਚ ਅਕਾਲ ਤਖ਼ਤ ਸਾਹਿਬ ਵਲੋਂ ਵੀ ਇਸ 'ਤੇ ਮੋਹਰ ਲਗਾ ਦਿੱਤੀ ਗਈ |