ਸ੍ਰੀ ਹਜ਼ੂਰ ਸਾਹਿਬ, (ਸੁਰਿੰਦਰਪਾਲ ਸਿੰਘ ਵਰਪਾਲ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਤੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਮਹਾਰਾਸ਼ਟਰ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਜੀ ਦੀ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ 'ਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ਉਨ੍ਹਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਤਿਕਾਰ ਸਹਿਤ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਇੱਕ ਪਵਿੱਤਰ ਸਥਾਨ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ, ਕਿਉਂਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਮਨੁੱਖਤਾ ਲਈ ਵੱਡੇ ਪੱਧਰ 'ਤੇ ਬਹੁਤ ਅਧਿਆਤਮਕ ਮਹੱਤਵ ਰੱਖਦਾ ਹੈ | ਮੁੱਖ ਮੰਤਰੀ ਨੇ ਨਾਂਦੇੜ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਭਵਨ ਦੀ ਕਾਇਆ ਕਲਪ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੰਜਾਬ ਭਵਨ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ¢ ਇਸ ਤੋਂ ਇਲਾਵਾ ਨਾਂਦੇੜ ਵਿਚ ਵੇਰਕਾ ਦੁੱਧ ਉਤਪਾਦਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ |