ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਦਾਇਰ ਉਸ ਪਟੀਸ਼ਨ 'ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ, ਜਿਸ ਵਿਚ ਉਨ੍ਹਾਂ ਨੇ ਵੋਟਰਾਂ ਦੇ ਨਾਂਅ ਹਟਾਉਣ ਸੰਬੰਧੀ ਕਥਿਤ ਟਿੱਪਣੀਆਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ¢ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਐਨ.ਕੇ. ਸਿੰਘ ਦੇ ਬੈਂਚ ਨੇ ਇਹ ਆਖਦੇ ਹੋਏ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਇਸ ਵਿਚ ਵਿਸਥਾਰਤ ਸੁਣਵਾਈ ਦੀ ਲੋੜ ਹੈ¢ ਆਮ ਆਦਮੀ ਪਾਰਟੀ ਆਗੂਆਂ ਵਲੋਂ ਪੇਸ਼ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਦੱਸਿਆ ਕਿ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ ਨਿਯਮਿਤ ਸੁਣਵਾਈ ਵਾਲੇ ਦਿਨਾਂ (ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ) 'ਤੇ ਹੋਣੀ ਚਾਹੀਦੀ ਹੈ ਅਤੇ ਇਸ ਆਧਾਰ 'ਤੇ ਉਨ੍ਹਾਂ ਨੇ ਮੁਲਤਵੀ ਕਰਨ ਦੀ ਬੇਨਤੀ ਕੀਤੀ¢ ਕੇਂਦਰ ਸਰਕਾਰ ਵਲੋਂ ਪੇਸ਼ ਵਧੀਕ ਸਾਲਿਸਿਟਰ ਜਨਰਲ ਐੱਸ.ਵੀ. ਰਾਜੂ ਨੇ ਕਿਹਾ ਕਿ ਮਾਣਹਾਨੀ ਦਾ ਮਾਮਲਾ ਇੱਕ ਰਾਜਨੀਤਿਕ ਪਾਰਟੀ ਨਾਲ ਸੰਬੰਧਿਤ ਹੈ, ਜਿਸ ਨੇ ਸ਼ਿਕਾਇਤਕਰਤਾ ਨੂੰ ਆਪਣੀ ਤਰਫ਼ੋਂ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਦਿੱਤਾ ਹੈ¢