ਨਾਭਾ (ਪਟਿਆਲਾ), 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਮਜੀਠੀਆ ਨਾਲ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਐਸ.ਪੀ. ਵੈਰਭ ਚੌਧਰੀ ਦੀ ਅਗਵਾਈ ਹੇਠ ਪੁਖਤਾ ਇੰਤਜ਼ਾਮ ਕੀਤੇ ਗਏ ਸਨ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਜੇਲ੍ਹ 'ਚ ਨਜ਼ਰਬੰਦ ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁਲਾਕਾਤ ਕਰ ਚੁੱਕੇ ਹਨ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਜੀਠੀਆ ਬਿਲਕੁਲ ਠੀਕ-ਠਾਕ ਤੇ ਚੜ੍ਹਦੀ ਕਲਾ ਵਿਚ ਹਨ | ਮੁਲਾਕਾਤ ਕਰਨ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਇਕ ਰਿਸ਼ਤੇਦਾਰ ਦੇ ਤੌਰ 'ਤੇ ਮਜੀਠੀਆ ਨੂੰ ਮਿਲਣ ਆਏ ਹਨ | ਪੱਤਰਕਾਰਾਂ ਨੇ ਜਦੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਪੁੱਛਿਆ ਕਿ ਬਿਕਰਮ ਸਿੰਘ ਮਜੀਠੀਆ 'ਤੇ ਪੰਜਾਬ ਸਰਕਾਰ ਨੇ ਗੰਭੀਰ ਇਲਜ਼ਾਮ ਲਗਾਏ ਹਨ ਤਾਂ ਉਨ੍ਹਾਂ ਕਿਹਾ ਕਿ ਮਜੀਠੀਆ 'ਤੇ ਲਗਾਏ ਗਏ ਇਲਜ਼ਾਮ ਝੂਠੇ ਹਨ |