ਚੰਡੀਗੜ੍ਹ, 3 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਜ਼ਮਾਨਤ ਨੂੰ ਦੋਸ਼-ਮੁਕਤੀ ਵਜੋਂ ਗਲਤ ਤਰੀਕੇ ਨਾਲ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਰਾਹਤ ਪੂਰੀ ਤਰ੍ਹਾਂ ਪ੍ਰਕਿਰਿਆਤਮਕ ਹੈ ਤੇ ਇਹ ਮਜੀਠੀਆ ਵਿਰੁੱਧ ਗੰਭੀਰ ਦੋਸ਼ਾਂ ਨੂੰ ਕਿਸੇ ਵੀ ਤਰ੍ਹਾਂ ਕਮਜ਼ੋਰ ਨਹੀਂ ਕਰਦੀ | ਅਮਨ ਅਰੋੜਾ ਨੇ ਕਿਹਾ ਕਿ ਜ਼ਮਾਨਤ ਹਿਰਾਸਤ ਦੀ ਮਿਆਦ ਅਤੇ ਪ੍ਰਕਿਰਿਆਤਮਿਕ ਰਸਮੀ ਕਾਰਵਾਈਆਂ ਦੇ ਮੁਕੰਮਲ ਹੋਣ ਨਾਲ ਸੰਬੰਧਿਤ ਤਕਨੀਕੀ ਆਧਾਰਾਂ 'ਤੇ ਦਿੱਤੀ ਗਈ ਹੈ, ਨਾ ਕਿ ਕੇਸ ਦੇ ਗੁਣਾਂ ਦੇ ਆਧਾਰ 'ਤੇ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ | ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਦੇ ਦੋਸ਼ ਬਰਕਰਾਰ ਹਨ ਅਤੇ ਹੁਣ ਅਦਾਲਤ ਵਿਚ ਇਨ੍ਹਾਂ ਦੀ ਡੂੰਘਾਈ ਨਾਲ ਪਰਖ ਕੀਤੀ ਜਾਵੇਗੀ |
ਆਪਣੇ ਲੈਣ ਨਹੀਂ ਆਏ-ਪੰਨੂ
ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮਜੀਠੀਆ ਨੂੰ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤੇ ਬਾਦਲ ਪਰਿਵਾਰ ਨੂੰ ਪੂਰੀ ਤਰ੍ਹਾਂ ਇਕੱਲਾ ਛੱਡ ਦਿੱਤਾ ਹੈ | ਪੰਨੂ ਨੇ ਕਿਹਾ ਕਿ ਮਜੀਠੀਆ ਦੇ ਨੇੜਲੇ ਰਿਸ਼ਤੇਦਾਰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਜੇਲ੍ਹ ਦੇ ਬਾਹਰ ਉਨ੍ਹਾਂ ਨੂੰ ਲੈਣ ਨਹੀਂ ਪਹੁੰਚੇ |
'ਆਪ' ਸਰਕਾਰ ਮਜੀਠੀਆ ਮਾਮਲੇ ਨੂੰ ਤਰਕਪੂਰਨ ਅੰਤ ਤੱਕ ਪਹੁੰਚਾਏਗੀ-ਅਮਨ ਅਰੋੜਾ
ਅਜੀਤ ਡੈਸਕ
04-02-2026