ਅੱਜ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 'ਚ ਸਮੁੱਚੀ ਕੈਬਨਿਟ ਸੰਗਤ ਨਾਲ ਹਾਜ਼ਰੀ ਭਰੇਗੀ-ਭਗਵੰਤ ਮਾਨ
ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਉਪਦੇਸ਼ 'ਤੇ ਚਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ 'ਤੇ ਵਚਨਬੱਧ ਹੈ | ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ | ਭਗਵੰਤ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿਚ ਪੂਰੇ ਧਾਰਮਿਕ ਉਤਸ਼ਾਹ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ, ਜੋ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਹ ਯਾਦਗਾਰ ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ | ਭਗਵੰਤ ਮਾਨ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ | ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | 6 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਸਮਾਪਤੀ ਹੋਵੇਗੀ | ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ ਦੇ ਹਰ ਪਿੰਡ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ |
ਗੁਰੂ ਰਵਿਦਾਸ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ-ਮੁੱਖ ਮੰਤਰੀ <br/>
ਅਜੀਤ ਡੈਸਕ
06-02-2026