20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਲਈ ਸਰਕਾਰ ਵਚਨਬੱਧ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 26-02-2026

ਕਿਹਾ, ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਡਟ ਕੇ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ
ਜਲੰਧਰ, 25 ਫਰਵਰੀ (ਪਵਨ ਖਰਬੰਦਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪੀ.ਏ.ਪੀ ਕੰਪਲੈਕਸ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2577 ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ 'ਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ਼ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ, ਜੋ ਆਪਣਾ ਫ਼ਰਜ਼ ਨਿਭਾਅ ਰਹੀ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਡਟ ਕੇ ਟਾਕਰਾ ਕਰ ਰਹੀ ਹੈ | ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ 'ਆਪ' ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ 'ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ), ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ | ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ 'ਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈੱਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ | ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਦੋ ਪੁਲਿਸ ਕਰਮਚਾਰੀਆਂ ਨੂੰ ਸ਼ਹੀਦ ਕਰਨ ਦੇ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਤਾਕਤਾਂ ਨੇ ਅਜਿਹੀ ਘਿਨੌਣੀ ਕਾਰਵਾਈ ਰਾਹੀਂ ਪੁਲਿਸ ਫੋਰਸ ਦੇ ਮਨੋਬਲ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ | ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ | ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕੀਤਾ | ਇਸ ਸਮਾਗਮ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਅਤੇ ਪਾਸਿੰਗ ਆਊਟ ਪਰੇਡ ਰਾਹੀਂ ਇਸ ਸਮਾਗਮ ਨੂੰ ਨਵ-ਨਿਯੁਕਤ ਪੁਲਿਸ ਜਵਾਨਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮੁੱਚੀ ਪੰਜਾਬ ਪੁਲਿਸ ਲਈ ਮਾਣਮੱਤਾ ਅਤੇ ਯਾਦਗਾਰੀ ਪਲ ਬਣਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਰਮੀਆਂ ਦੀ ਹੱਤਿਆ ਕਰਨ ਵਾਲਿਆਂ 'ਚੋਂ ਇਕ ਮੁਕਾਬਲੇ ਦੌਰਾਨ ਹਲਾਕ-ਦੂਜਾ ਗਿ੍ਫ਼ਤਾਰ, ਤੀਜਾ ਫ਼ਰਾਰ ਅਗਲੀ ਖ਼ਬਰ ਅੱਤਵਾਦ ਨੂੰ ਕਿਸੇ ਵੀ ਹਾਲ 'ਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ-ਮੋਦੀ
Ad Position 24