ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁੰਨ ਤੇ ਬੇਮਿਸਾਲ ਮੁਹਿੰਮ ਐਲਾਨਿਆ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੰਜਾਬ ਵਿਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 51,648 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ, ਜਦੋਂ ਕਿ 16.70 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ | ਤਸਕਰਾਂ ਨਾਲ ਸੰਬੰਧਿਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ | ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 'ਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ | ਪੰਜਾਬ ਸਰਕਾਰ ਦਾ ਦਿ੍ੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਲਗਾਤਾਰ ਜਾਰੀ ਰਹੇਗੀ |