ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ | ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ | ਮੰਤਰੀ ਮੰਡਲ ਨੇ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ 'ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ |